ਸਿੱਖ ਧਰਮ ਦੀਆਂ ਧਾਰਮਿਕ ਮਾਨਤਾਵਾਂ, ਕਕਾਰਾਂ ਅਤੇ ਸਿੱਖ ਪਛਾਣ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਗੱਲਬਾਤ ’ਤੇ ਜ਼ੋਰ
ਅੰਮ੍ਰਿਤਸਰ, : ਆਪਣਾ ਪੰਜਾਬ ਮੀਡੀਆ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਨਾਰਵੇ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਨਾਰਵੇ ਦੀ ਸੰਸਦ ਦੇ ਪ੍ਰਧਾਨ ਅੱਗੇ ਉਠਾਇਆ। ਇਸ ਦੌਰਾਨ ਸਿੱਖਾਂ ਦੀ ਧਾਰਮਿਕ ਪਛਾਣ, ਮਰਿਆਦਾ ਅਤੇ ਧਾਰਮਿਕ ਚਿੰਨ੍ਹਾਂ ਨਾਲ ਜੁੜੇ ਮਸਲਿਆਂ ਬਾਰੇ ਧਿਆਨ ਦਿਵਾਇਆ ਗਿਆ। ਜਥੇਦਾਰ ਨੇ ਜ਼ੋਰ ਦਿੱਤਾ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਨੂੰ ਆਪਣੇ ਧਰਮ ਅਤੇ ਰਵਾਇਤਾਂ ਦੀ ਪਾਲਣਾ ਕਰਦਿਆਂ ਕਿਸੇ ਕਿਸਮ ਦੀ ਬੇਲੋੜੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਦੀ ਸਰਕਾਰ ਵੱਲੋਂ ਵਿਸਾਖੀ ਮੌਕੇ ਹਰ ਸਾਲ ਸਿੱਖ ਦਸਤਾਰ ਦਿਵਸ ਮਨਾਉਣ ਦੇ ਫ਼ੈਸਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਨਾਰਵੇ ਵਿੱਚ ਸਿੱਖ ਭਾਈਚਾਰਾ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਸੰਸਦ ਪ੍ਰਧਾਨ ਮਸੂਦ ਗ੍ਹਰਾਹਖਾਨੀ ਨੇ ਸਿੱਖਾਂ ਵੱਲੋਂ ਸਮਾਜ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਸਕਾਰਾਤਮਕ ਕਦਮ ਚੁੱਕਣ ਦਾ ਭਰੋਸਾ ਦਿੱਤਾ। ਜਥੇਦਾਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੀ ਸੱਦਾ ਦਿੱਤਾ।


