ਫਰਵਰੀ-ਮਾਰਚ 2027 ਵਿੱਚ ਹੋ ਸਕਦੀਆਂ ਹਨ ਚੋਣਾਂ; ਪੰਜਾਬ ਵਿਧਾਨ ਸਭਾ ਦਾ ਕਾਰਜਕਾਲ 16 ਮਾਰਚ ਨੂੰ ਹੋਵੇਗਾ ਪੂਰਾ, ਚੋਣ ਕਮਿਸ਼ਨ ਦੀ ਟੀਮ ਨੇ ਸੂਬੇ ਵਿੱਚ ਤਿਆਰੀਆਂ ਦਾ ਜਾਇਜ਼ਾ ਲਿਆ।
ਚੰਡੀਗੜ੍ਹ — ਆਪਣਾ ਪੰਜਾਬ ਮੀਡੀਆ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਸਿਰ ਹੋਣ ਦੀ ਸੰਭਾਵਨਾ ਮਜ਼ਬੂਤ ਹੋ ਗਈ ਹੈ। ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਫਿਲਹਾਲ ਚੋਣਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਕਰਵਾਉਣ ਦੀ ਕੋਈ ਅਧਿਕਾਰਤ ਯੋਜਨਾ ਸਾਹਮਣੇ ਨਹੀਂ ਆਈ। ਪੰਜਾਬ ਵਿਧਾਨ ਸਭਾ ਦਾ ਮੌਜੂਦਾ ਪੰਜ ਸਾਲਾ ਕਾਰਜਕਾਲ 16 ਮਾਰਚ 2027 ਨੂੰ ਖ਼ਤਮ ਹੋਣਾ ਹੈ। ਇਸ ਲਈ ਅਗਲੀਆਂ ਚੋਣਾਂ ਦੀ ਪ੍ਰਕਿਰਿਆ ਇਸ ਮਿਆਦ ਦੇ ਅੰਦਰ ਪੂਰੀ ਕਰਵਾਈ ਜਾਣੀ ਹੈ।
ਚੋਣਾਂ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਦੀ 10 ਮੈਂਬਰੀ ਟੀਮ ਨੇ 27 ਅਤੇ 28 ਅਕਤੂਬਰ ਨੂੰ ਪੰਜਾਬ ਦਾ ਦੌਰਾ ਕੀਤਾ। ਟੀਮ ਵੱਲੋਂ ਚੰਡੀਗੜ੍ਹ ਵਿੱਚ ਮੁੱਖ ਚੋਣ ਅਧਿਕਾਰੀ ਅਤੇ ਸੂਬੇ ਦੇ ਸੀਨੀਅਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਚੋਣ ਪ੍ਰਬੰਧਾਂ, ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ, ਸੰਵੇਦਨਸ਼ੀਲ ਪੋਲਿੰਗ ਬੂਥਾਂ ਅਤੇ ਵੋਟਰ ਸੂਚੀਆਂ ਦੀ ਸੋਧ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਤੋਂ ਇਲਾਵਾ, ਚੋਣ ਕਮਿਸ਼ਨ ਨੇ ਪੰਜਾਬ ਸਮੇਤ ਪੰਜ ਚੋਣਾਂ ਵਾਲੇ ਸੂਬਿਆਂ ਦੀਆਂ ਸਰਕਾਰਾਂ ਨੂੰ ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਨਿਰਦੇਸ਼ ਵੀ ਜਾਰੀ ਕੀਤੇ ਹਨ। ਇਨ੍ਹਾਂ ਨਿਰਦੇਸ਼ਾਂ ਅਨੁਸਾਰ ਅਧਿਕਾਰੀਆਂ ਨੂੰ ਆਪਣੇ ਗ੍ਰਹਿ ਜ਼ਿਲ੍ਹਿਆਂ ਵਿੱਚ ਤਾਇਨਾਤ ਨਹੀਂ ਕੀਤਾ ਜਾ ਸਕੇਗਾ। ਜਿਹੜੇ ਅਧਿਕਾਰੀ ਪਿਛਲੇ ਚਾਰ ਸਾਲਾਂ ਦੌਰਾਨ ਕਿਸੇ ਜ਼ਿਲ੍ਹੇ ਵਿੱਚ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੇ ਹਨ ਜਾਂ 31 ਮਾਰਚ 2027 ਤੱਕ ਪੂਰਾ ਕਰ ਲੈਣਗੇ, ਉਨ੍ਹਾਂ ਦੇ ਤਬਾਦਲੇ ਕਰਨ ਲਈ ਵੀ ਕਿਹਾ ਗਿਆ ਹੈ। ਇਸ ਕਦਮ ਦਾ ਮਕਸਦ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣਾ ਹੈ।


