ਕਰੀਬ 14,191 ਕਰੋੜ ਰੁਪਏ ਦੀ ਬਕਾਇਆ ਰਕਮ ਦਾ ਮਾਮਲਾ; ਵਿੱਤ ਵਿਭਾਗ ਨੇ ਸਾਰੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਵਿੱਤੀ ਵੇਰਵਾ, 3 ਨਵੰਬਰ ਨੂੰ ਹਾਈ ਕੋਰਟ ਵਿੱਚ ਹੋਵੇਗੀ ਅਗਲੀ ਸੁਣਵਾਈ।
ਚੰਡੀਗੜ੍ਹ — ਆਪਣਾ ਪੰਜਾਬ ਮੀਡੀਆ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੀ ਅਦਾਇਗੀ ਦਾ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ। ਪੰਜਾਬ ਸਰਕਾਰ ਨੇ ਬਕਾਇਆ ਰਕਮ ਜਾਰੀ ਕਰਨ ਨਾਲ ਪੈਣ ਵਾਲੇ ਵਿੱਤੀ ਬੋਝ ਦਾ ਮੁਲਾਂਕਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਵਿੱਤ ਵਿਭਾਗ ਨੇ 29 ਅਕਤੂਬਰ ਨੂੰ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਲਈ ਲੋੜੀਂਦੇ ਵਿੱਤੀ ਵੇਰਵੇ ਮੰਗੇ ਹਨ। ਇਸ ਕਦਮ ਦਾ ਉਦੇਸ਼ ਕੁੱਲ ਵਿੱਤੀ ਜ਼ਿੰਮੇਵਾਰੀ ਦਾ ਅੰਦਾਜ਼ਾ ਲਗਾਉਣਾ ਅਤੇ ਉਸ ਮੁਤਾਬਕ ਬਜਟ ਵਿੱਚ ਪ੍ਰਬੰਧ ਕਰਨਾ ਦੱਸਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀਏ ਅਤੇ ਡੀਆਰ ਦੀ ਕੁੱਲ ਦੇਣਦਾਰੀ ਲਗਭਗ 14,191 ਕਰੋੜ ਰੁਪਏ ਅੰਦਾਜ਼ੀ ਗਈ ਹੈ। ਇਸ ਵਿੱਚ ਵੱਖ-ਵੱਖ ਸਮੇਂ ਤੋਂ ਲਟਕ ਰਹੀਆਂ ਅਦਾਇਗੀਆਂ ਸ਼ਾਮਲ ਹਨ। ਸਰਕਾਰ ਪਹਿਲਾਂ ਇਸ ਰਕਮ ਨੂੰ ਪੰਜ ਵਿੱਤੀ ਸਾਲਾਂ ਵਿੱਚ ਪੜਾਅਵਾਰ ਜਾਰੀ ਕਰਨ ਦੀ ਯੋਜਨਾ ਪੇਸ਼ ਕਰ ਚੁੱਕੀ ਸੀ, ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਯੋਜਨਾ ’ਤੇ ਸਵਾਲ ਉਠਾਉਂਦਿਆਂ ਬਕਾਇਆ ਅਦਾਇਗੀ ਸਬੰਧੀ ਨਿਰਦੇਸ਼ ਜਾਰੀ ਕੀਤੇ ਸਨ। ਸਰਕਾਰ ਦਾ ਕਹਿਣਾ ਰਿਹਾ ਹੈ ਕਿ ਪੂਰੀ ਰਕਮ ਇੱਕੋ ਵਾਰ ਜਾਰੀ ਕਰਨ ਨਾਲ ਸੂਬੇ ਦੇ ਖ਼ਜ਼ਾਨੇ ’ਤੇ ਵੱਡਾ ਦਬਾਅ ਪੈ ਸਕਦਾ ਹੈ। ਇਸ ਮਾਮਲੇ ਵਿੱਚ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ’ਤੇ ਅਦਾਲਤੀ ਹੁਕਮਾਂ ਦੀ ਪਾਲਣਾ ਕਰਨ ਦਾ ਦਬਾਅ ਵਧਿਆ ਹੈ। ਅਦਾਲਤ ਨੇ ਬਕਾਇਆ ਰਕਮ ਦੀ ਅਦਾਇਗੀ ਵਿੱਚ ਦੇਰੀ ਅਤੇ ਪਾਲਣਾ ਰਿਪੋਰਟ ਪੇਸ਼ ਨਾ ਕੀਤੇ ਜਾਣ ’ਤੇ ਨਾਰਾਜ਼ਗੀ ਜਤਾਈ ਸੀ। ਇਸੇ ਮਾਮਲੇ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅਦਾਲਤ ਵਿੱਚ ਬਿਨਾਂ ਸ਼ਰਤ ਮੁਆਫ਼ੀ ਵੀ ਮੰਗੀ ਹੈ। ਹਾਈ ਕੋਰਟ ਨੇ ਉਨ੍ਹਾਂ ਨੂੰ 3 ਨਵੰਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਬਾਰੇ ਨਿੱਜੀ ਹਲਫ਼ਨਾਮਾ ਦਾਇਰ ਕਰਨ ਲਈ ਵੀ ਕਿਹਾ ਹੈ।


