INDIA ਗਠਜੋੜ ਦੀ ਦਿੱਲੀ ਰੈਲੀ ’ਚ ਕਾਂਗਰਸ ਆਗੂ ਨੇ ਚੋਣ ਕਮਿਸ਼ਨ ਅਤੇ ਭਾਜਪਾ ’ਤੇ ਲਾਏ ਗੰਭੀਰ ਦੋਸ਼; ਕਿਹਾ— ਪਹਿਲਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਦੀ ਲੜਾਈ ਲੜਾਂਗੇ
ਨਵੀਂ ਦਿੱਲੀ — ਆਪਣਾ ਪੰਜਾਬ ਮੀਡੀਆ INDIA ਗਠਜੋੜ ਵੱਲੋਂ ਐਤਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਕੀਤੀ ਗਈ ‘ਚਲੋ ਦਿੱਲੀ’ ਰੈਲੀ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਵਿੱਚ ਚੋਣਾਂ ਦੌਰਾਨ ਵੋਟਾਂ ਦੀ ਹੇਰਾਫੇਰੀ ਕੀਤੀ ਗਈ ਹੈ ਅਤੇ ਇਸ ਮਾਮਲੇ ਵਿੱਚ ਮੋਦੀ ਤੇ ਸ਼ਾਹ ਨੂੰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਰਾਹੁਲ ਗਾਂਧੀ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣਾ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਮੁੜ ਮਜ਼ਬੂਤ ਕਰਨ ਵੱਲ ਪਹਿਲਾ ਕਦਮ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਤੋਂ ਬਾਅਦ ਵਿਰੋਧੀ ਧਿਰ ਮੋਦੀ ਅਤੇ ਅਮਿਤ ਸ਼ਾਹ ਦੀ ਜਵਾਬਦੇਹੀ ਤੈਅ ਕਰਨ ਲਈ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਕਥਿਤ ‘ਵੋਟ ਚੋਰੀ’ ਦੇ ਮਾਮਲੇ ਵਿੱਚ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ।
ਕਾਂਗਰਸ ਆਗੂ ਨੇ ਚੋਣ ਕਮਿਸ਼ਨ ਦੀ ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ ਪ੍ਰਕਿਰਿਆ (SIR) ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਵੋਟਰ ਸੂਚੀਆਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਨਾਮ ਹਟਾਏ ਜਾ ਰਹੇ ਹਨ ਅਤੇ ਇਸ ਨਾਲ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ 2024 ਦੀਆਂ ਲੋਕ ਸਭਾ ਚੋਣਾਂ ਸਮੇਤ ਕਈ ਸੂਬਿਆਂ ਦੀਆਂ ਚੋਣਾਂ ਵਿੱਚ ਵੀ ਕਥਿਤ ਬੇਨਿਯਮੀਆਂ ਹੋਣ ਦੇ ਦੋਸ਼ ਲਗਾਏ।
ਰੈਲੀ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਮੁਹਿੰਮ ਕਿਸੇ ਇੱਕ ਸਿਆਸੀ ਪਾਰਟੀ ਜਾਂ ਆਗੂ ਦੀ ਲੜਾਈ ਨਹੀਂ, ਸਗੋਂ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਨਾਗਰਿਕਾਂ ਦੀ ਆਵਾਜ਼ ਹੈ। ਉਨ੍ਹਾਂ ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ। ਦੂਜੇ ਪਾਸੇ ਭਾਜਪਾ ਨੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਰੈਲੀ ਅਤੇ ਇਸ ਦੇ ਮਕਸਦ ’ਤੇ ਸਵਾਲ ਉਠਾਏ ਹਨ।


