ਆਜ਼ਾਦੀ ਦੀ ਲੜਾਈ ਤੋਂ ਲੈ ਕੇ ਖੇਡਾਂ, ਵਿਗਿਆਨ, ਸਾਹਿਤ ਅਤੇ ਸਮਾਜਿਕ ਬਦਲਾਅ ਤੱਕ ਹਰਿਆਣਾ ਦੇ ਲੋਕਾਂ ਨੇ ਦੇਸ਼ ਦੀ ਤਰੱਕੀ ਵਿੱਚ ਪਾਇਆ ਅਹਿਮ ਯੋਗਦਾਨ; ਮਹਿਲਾ ਸਸ਼ਕਤੀਕਰਨ ਅਤੇ ਧੀਆਂ ਦੀਆਂ ਖੇਡ ਪ੍ਰਾਪਤੀਆਂ ਦੀ ਵੀ ਕੀਤੀ ਸ਼ਲਾਘਾ
ਕੁਰੂਕਸ਼ੇਤਰ — ਆਪਣਾ ਪੰਜਾਬ ਮੀਡੀਆ ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਹੈ ਕਿ ਰਾਸ਼ਟਰ ਨਿਰਮਾਣ ਅਤੇ ਦੇਸ਼ ਦੀ ਤਰੱਕੀ ਵਿੱਚ ਹਰਿਆਣਾ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਰਿਹਾ ਹੈ। ਉਹ 1 ਨਵੰਬਰ ਨੂੰ ਕੁਰੂਕਸ਼ੇਤਰ ਵਿਖੇ ਹਰਿਆਣਾ ਰਾਜ ਦੇ ਗਠਨ ਦੇ 60 ਸਾਲ ਪੂਰੇ ਹੋਣ ਮੌਕੇ ਕਰਵਾਏ ਗਏ ਹੀਰਕ ਜਯੰਤੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਹਰਿਆਣਾ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਧਰਤੀ ਨੇ ਆਜ਼ਾਦੀ ਦੀ ਲੜਾਈ, ਸਮਾਜਿਕ ਬਦਲਾਅ, ਲੋਕਤੰਤਰ, ਸਾਹਿਤ ਅਤੇ ਵਿਗਿਆਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਦੇਸ਼ ਨੂੰ ਮਹੱਤਵਪੂਰਨ ਯੋਗਦਾਨ ਦਿੱਤਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਹਰਿਆਣਾ ਦੀ ਧਰਤੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਨਿਸ਼ਕਾਮ ਕਰਮ ਦੇ ਸੰਦੇਸ਼ ਨੂੰ ਦੁਨੀਆ ਤੱਕ ਪਹੁੰਚਾਇਆ ਹੈ। ਇਸ ਧਰਤੀ ਦੇ ਲੋਕਾਂ ਨੇ ਆਧੁਨਿਕ ਯੁੱਗ ਵਿੱਚ ਵੀ ਆਪਣੀ ਮਿਹਨਤ, ਲਗਨ ਅਤੇ ਸਮਰਪਣ ਨਾਲ ਕਈ ਖੇਤਰਾਂ ਵਿੱਚ ਨਵੇਂ ਮਾਪਦੰਡ ਸਥਾਪਤ ਕੀਤੇ ਹਨ। ਉਨ੍ਹਾਂ ਨੇ ਆਜ਼ਾਦੀ ਸੰਗਰਾਮ ਵਿੱਚ ਹਰਿਆਣਾ ਦੇ ਲੋਕਾਂ ਦੀ ਭੂਮਿਕਾ ਅਤੇ ਸਮਾਜਿਕ ਤਬਦੀਲੀ ਲਈ ਕੀਤੇ ਯਤਨਾਂ ਨੂੰ ਵੀ ਯਾਦ ਕੀਤਾ।
ਮਹਿਲਾ ਸਸ਼ਕਤੀਕਰਨ ਬਾਰੇ ਗੱਲ ਕਰਦਿਆਂ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਪਿਛਲੇ ਦਹਾਕੇ ਦੌਰਾਨ ਹਰਿਆਣਾ ਵਿੱਚ ਔਰਤਾਂ ਦੀ ਸਥਿਤੀ ਸੁਧਾਰਨ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਨੇ ਜਨਵਰੀ 2015 ਵਿੱਚ ਪਾਣੀਪਤ ਤੋਂ ਸ਼ੁਰੂ ਕੀਤੀ ਗਈ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਧੀਆਂ ਪ੍ਰਤੀ ਸਮਾਜਿਕ ਸੋਚ ਵਿੱਚ ਸਕਾਰਾਤਮਕ ਬਦਲਾਅ ਆਇਆ ਹੈ। ਉਨ੍ਹਾਂ ਨੇ ਜਨਮ ਸਮੇਂ ਲਿੰਗ ਅਨੁਪਾਤ ਵਿੱਚ ਹੋਏ ਸੁਧਾਰ ਦਾ ਜ਼ਿਕਰ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਇਸ ਨੂੰ ਹੋਰ ਬਿਹਤਰ ਬਣਾਉਣ ਲਈ ਸਾਂਝੇ ਯਤਨ ਜਾਰੀ ਰੱਖਣ ਦੀ ਅਪੀਲ ਕੀਤੀ।


