ਸਰਕਾਰ ’ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼; ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਦੀ ਚਿਤਾਵਨੀ
ਲੁਧਿਆਣਾ : ਆਪਣਾ ਪੰਜਾਬ ਮੀਡੀਆ : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮੁੜ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿੱਚ 16 ਨਵੰਬਰ ਤੋਂ ਤਿੰਨ ਦਿਨਾਂ ਦੀ ਸੂਬਾ ਪੱਧਰੀ ਹੜਤਾਲ ਕਰਨ ਦਾ ਫੈਸਲਾ ਲਿਆ ਗਿਆ ਹੈ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੀ ਗੱਲਬਾਤ ਦੌਰਾਨ ਕਈ ਭਰੋਸੇ ਦਿੱਤੇ ਸਨ, ਪਰ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ।
ਯੂਨੀਅਨ ਆਗੂਆਂ ਅਨੁਸਾਰ 29 ਅਕਤੂਬਰ ਨੂੰ ਟਰਾਂਸਪੋਰਟ ਮੰਤਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਪਨਬਸ ਦੇ ਸਰਵਿਸ ਰੂਲਜ਼ ਕੈਬਨਿਟ ਤੋਂ ਮਨਜ਼ੂਰ ਕਰਵਾਉਣ, ਆਊਟਸੋਰਸ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਅਧੀਨ ਲਿਆਉਣ ਅਤੇ ਸੰਘਰਸ਼ ਦੌਰਾਨ ਦਰਜ ਪੁਲਿਸ ਕੇਸ ਵਾਪਸ ਲੈਣ ਸਬੰਧੀ ਭਰੋਸਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਨਵੇਂ ਭਰਤੀ ਮੁਲਾਜ਼ਮਾਂ ਦੇ ਮਾਮਲੇ ’ਤੇ ਵੀ ਵਿਚਾਰ ਕਰਨ ਦੀ ਗੱਲ ਹੋਈ ਸੀ। ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨਾ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਅਤੇ ਬੰਦ ਕੀਤੇ ਭੱਤੇ ਬਹਾਲ ਕਰਨਾ ਵੀ ਸ਼ਾਮਲ ਹੈ।
ਯੂਨੀਅਨ ਵੱਲੋਂ ਹੜਤਾਲ ਤੋਂ ਪਹਿਲਾਂ 5 ਨਵੰਬਰ ਨੂੰ ਦਿੜ੍ਹਬਾ ਵਿੱਚ ਰੋਸ ਪ੍ਰਦਰਸ਼ਨ, 8 ਨਵੰਬਰ ਤੋਂ ਬਾਅਦ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਵਿਰੋਧ ਅਤੇ 10 ਨਵੰਬਰ ਨੂੰ ਸੂਬੇ ਦੇ ਸਾਰੇ ਬੱਸ ਡਿਪੂਆਂ ਅੱਗੇ ਗੇਟ ਰੈਲੀਆਂ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 16 ਨਵੰਬਰ ਤੱਕ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੜਤਾਲ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾ ਸਕਦਾ ਹੈ। ਹੜਤਾਲ ਹੋਣ ਦੀ ਸੂਰਤ ਵਿੱਚ ਪੰਜਾਬ ਭਰ ਵਿੱਚ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਹੋਣ ਅਤੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


