4.5 ਕਿਲੋ ਹੈਰੋਇਨ ਮਾਮਲੇ ਵਿੱਚ ਮੁਲਜ਼ਮ ਨੂੰ ਡਿਫਾਲਟ ਜ਼ਮਾਨਤ ਮਿਲਣ ’ਤੇ ‘ਆਪ’ ਸਰਕਾਰ ’ਤੇ ਲਾਏ ਗੰਭੀਰ ਦੋਸ਼; ਪੁਲਿਸ ਵੱਲੋਂ ਜਾਣਬੁੱਝ ਕੇ ਚਲਾਨ ਪੇਸ਼ ਕਰਨ ਵਿੱਚ ਦੇਰੀ ਕਰਨ ਦਾ ਦਾਅਵਾ
ਚੰਡੀਗੜ੍ਹ — ਆਪਣਾ ਪੰਜਾਬ ਮੀਡੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਗਾਏ ਹਨ। ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ 4.5 ਕਿਲੋ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਲਵਪ੍ਰੀਤ ਸਿੰਘ ਨੂੰ ਪੁਲਿਸ ਵੱਲੋਂ ਨਿਰਧਾਰਤ ਸਮੇਂ ਅੰਦਰ ਚਲਾਨ ਪੇਸ਼ ਨਾ ਕਰਨ ਕਾਰਨ ਡਿਫਾਲਟ ਜ਼ਮਾਨਤ ਮਿਲ ਗਈ ਹੈ। ਮਜੀਠੀਆ ਨੇ ਇਸ ਮਾਮਲੇ ਨੂੰ ਸਰਕਾਰ ਅਤੇ ਨਸ਼ਾ ਤਸਕਰਾਂ ਵਿਚਾਲੇ ਕਥਿਤ ਮਿਲੀਭੁਗਤ ਨਾਲ ਜੋੜਿਆ।
ਮਜੀਠੀਆ ਮੁਤਾਬਕ ਲਵਪ੍ਰੀਤ ਸਿੰਘ ਨੂੰ 18 ਮਾਰਚ 2026 ਨੂੰ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਸ਼ੁਰੂ ਵਿੱਚ ਬਰਾਮਦਗੀ ਅੱਠ ਕਿਲੋ ਦੱਸੀ ਗਈ ਸੀ, ਪਰ ਬਾਅਦ ਵਿੱਚ ਇਸ ਨੂੰ ਘਟਾ ਕੇ 4.5 ਕਿਲੋ ਦਰਜ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਦਾ ਸਬੰਧ ਆਮ ਆਦਮੀ ਪਾਰਟੀ ਨਾਲ ਰਿਹਾ ਹੈ ਅਤੇ ਉਹ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਵੀ ਜੁੜਿਆ ਹੋਇਆ ਸੀ।
ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਮੁਲਜ਼ਮ ਨੂੰ ਜ਼ਮਾਨਤ ਦਿਵਾਉਣ ਲਈ ਪੁਲਿਸ ਵੱਲੋਂ ਜਾਣਬੁੱਝ ਕੇ ਕਾਰਵਾਈ ਵਿੱਚ ਦੇਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਐਨਡੀਪੀਐਸ ਕਾਨੂੰਨ ਤਹਿਤ 180 ਦਿਨਾਂ ਦੀ ਨਿਰਧਾਰਤ ਮਿਆਦ ਅੰਦਰ ਚਲਾਨ ਪੇਸ਼ ਨਹੀਂ ਕੀਤਾ ਗਿਆ ਅਤੇ ਪੁਲਿਸ ਨੇ ਆਖ਼ਰੀ ਤਿੰਨ ਦਿਨਾਂ ਦੌਰਾਨ ਅਦਾਲਤ ਤੋਂ ਹੋਰ ਸਮਾਂ ਮੰਗਿਆ। ਉਨ੍ਹਾਂ ਮੁਤਾਬਕ ਛੁੱਟੀਆਂ ਕਾਰਨ ਸਮਾਂ ਵਧਾਉਣ ਦੀ ਅਰਜ਼ੀ ’ਤੇ ਕਾਰਵਾਈ ਨਹੀਂ ਹੋ ਸਕੀ ਅਤੇ ਮੁਲਜ਼ਮ ਨੂੰ ਡਿਫਾਲਟ ਜ਼ਮਾਨਤ ਮਿਲ ਗਈ।


