ਸਵੇਰੇ 6 ਵਜੇ ਮੋਗਾ ਸਥਿਤ ਦੋ ਰਿਹਾਇਸ਼ਾਂ ’ਤੇ ਪਹੁੰਚੀ ਟੀਮ; ਵਿਧਾਇਕਾ ਤੋਂ ਪੁੱਛਗਿੱਛ ਜਾਰੀ, ਕਾਰਵਾਈ ਦਾ ਕਾਰਨ ਅਜੇ ਸਪੱਸ਼ਟ ਨਹੀਂ
ਮੋਗਾ : ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਮੋਗਾ ਸਥਿਤ ਦੋ ਰਿਹਾਇਸ਼ੀ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ ਈਡੀ ਦੀ ਟੀਮ ਸਵੇਰੇ ਕਰੀਬ 6 ਵਜੇ ਉਨ੍ਹਾਂ ਦੇ ਘਰ ਪਹੁੰਚੀ। ਉਸ ਸਮੇਂ ਵਿਧਾਇਕਾ ਘਰ ਵਿੱਚ ਮੌਜੂਦ ਸਨ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਖ਼ਬਰ ਲਿਖੇ ਜਾਣ ਤੱਕ ਦੋਵਾਂ ਥਾਵਾਂ ’ਤੇ ਤਲਾਸ਼ੀ ਦੀ ਕਾਰਵਾਈ ਜਾਰੀ ਸੀ।
ਮੁੱਢਲੀ ਜਾਣਕਾਰੀ ਮੁਤਾਬਕ ਈਡੀ ਦੀ ਟੀਮ ਸ਼ਿਮਲਾ ਤੋਂ ਆਈ ਸੀ। ਹਾਲਾਂਕਿ, ਏਜੰਸੀ ਵੱਲੋਂ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਛਾਪੇਮਾਰੀ ਕਿਸ ਮਾਮਲੇ ਜਾਂ ਜਾਂਚ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਨਾ ਹੀ ਈਡੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਵਿਧਾਇਕਾ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਇਸ ਬਾਰੇ ਕੋਈ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ ਲਈ ਛਾਪੇਮਾਰੀ ਦੇ ਕਾਰਨਾਂ ਅਤੇ ਜਾਂਚ ਦੇ ਵਿਸ਼ੇ ਬਾਰੇ ਫਿਲਹਾਲ ਕੋਈ ਪੁਸ਼ਟੀਸ਼ੁਦਾ ਜਾਣਕਾਰੀ ਉਪਲਬਧ ਨਹੀਂ ਹੈ।
ਜ਼ਿਕਰਯੋਗ ਹੈ ਕਿ ਡਾ. ਅਮਨਦੀਪ ਕੌਰ ਅਰੋੜਾ ਮੋਗਾ ਤੋਂ ਵਿਧਾਇਕ ਹਨ ਅਤੇ ਆਮ ਆਦਮੀ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਮੁੜ ਇਸੇ ਹਲਕੇ ਤੋਂ ਉਮੀਦਵਾਰ ਐਲਾਨਿਆ ਹੋਇਆ ਹੈ। ਵਿਧਾਇਕਾ ਦੇ ਕੁਝ ਨਜ਼ਦੀਕੀ ਸਾਥੀਆਂ ਨੇ ਦੋਸ਼ ਲਾਇਆ ਹੈ ਕਿ ਇਸ ਕਾਰਵਾਈ ਰਾਹੀਂ ਉਨ੍ਹਾਂ ’ਤੇ ਭਾਜਪਾ ਜਾਂ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ, ਇਸ ਦਾਅਵੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ। ਈਡੀ ਦੀ ਜਾਂਚ ਅਤੇ ਛਾਪੇਮਾਰੀ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।


