ਮੁਹਾਲੀ ’ਚ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਹੁਣ ਤੱਕ 71,777 ਸਰਕਾਰੀ ਨੌਕਰੀਆਂ ਦੇਣ ਦਾ ਕੀਤਾ ਦਾਅਵਾ
ਮੁਹਾਲੀ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਜਾਂ ਸਿਆਸੀ ਦਬਾਅ ਦੇ ਸਿਰਫ਼ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ। ਮੁਹਾਲੀ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ 71,777 ਹੋ ਗਈ ਹੈ।
ਨਵੇਂ ਨਿਯੁਕਤ ਮੁਲਾਜ਼ਮਾਂ ਵਿੱਚ ਪਾਵਰਕੌਮ ਦੇ 412 ਕਰਮਚਾਰੀ ਸ਼ਾਮਲ ਹਨ, ਜਿਨ੍ਹਾਂ ਵਿੱਚ 296 ਜੂਨੀਅਰ ਇੰਜਨੀਅਰ ਵੀ ਹਨ। ਇਸ ਤੋਂ ਇਲਾਵਾ ਜਨਰਲ ਪ੍ਰਸ਼ਾਸਨ ਵਿਭਾਗ ਵਿੱਚ ਦਰਜਾ ਚਾਰ ਦੀਆਂ 174 ਅਸਾਮੀਆਂ ਅਤੇ ਸਹਿਕਾਰਤਾ ਵਿਭਾਗ ਵਿੱਚ 42 ਨਿਯੁਕਤੀਆਂ ਕੀਤੀਆਂ ਗਈਆਂ ਹਨ। ਲੋਕ ਨਿਰਮਾਣ, ਜੇਲ੍ਹਾਂ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਵੇਂ ਮੁਲਾਜ਼ਮਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਹਫ਼ਤੇ 600 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਸ ਮੌਕੇ ਭਗਵੰਤ ਮਾਨ ਨੇ ਵਿਰੋਧੀ ਧਿਰ ਨੂੰ ਚੁਣੌਤੀ ਦਿੱਤੀ ਕਿ ਉਹ ਸਰਕਾਰ ਵੱਲੋਂ ਕੀਤੀ ਗਈ ਕਿਸੇ ਵੀ ਭਰਤੀ ਵਿੱਚ ਭ੍ਰਿਸ਼ਟਾਚਾਰ ਦਾ ਇੱਕ ਮਾਮਲਾ ਸਾਬਤ ਕਰਕੇ ਦਿਖਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੌਕਰੀਆਂ ਵਿੱਚ ਪੈਸੇ ਅਤੇ ਸਿਫ਼ਾਰਸ਼ਾਂ ਦੀ ਵਰਤੋਂ ਹੁੰਦੀ ਸੀ, ਜਦਕਿ ਮੌਜੂਦਾ ਸਰਕਾਰ ਨੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਅਪਣਾਈ ਹੈ। ਇਸ ਸਮਾਗਮ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਨਵੇਂ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ।


