ਆਪਣਾ ਪੰਜਾਬ ਮੀਡੀਆ : ਪੰਜਾਬ ਦੀ ਸਾਲ 2007 ਬੈਚ ਦੀ ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ ਈ ਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਅਨਿੰਦਿਤਾ ਮਿੱਤਰਾ ਨੇ ਸੀ ਈ ਓ ਦਾ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ ਸੰਵਿਧਾਨਕ ਅਤੇ ਜਮਹੂਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਸਮਾਵੇਸ਼ ਵਿੱਚ ਲਗਾਤਾਰ ਸੁਧਾਰ ਕਰਨ ਦੇ ਨਾਲ-ਨਾਲ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਯਕੀਨੀ ਬਣਾਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦਫ਼ਤਰ, ਪੰਜਾਬ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਵੋਟਰ ਰਜਿਸਟਰੇਸ਼ਨ ਤੋਂ ਲੈ ਕੇ ਪੋਲਿੰਗ ਵਾਲੇ ਦਿਨ ਤੱਕ ਚੋਣ ਪ੍ਰਕਿਰਿਆ ਤੱਕ ਵੋਟਰ-ਪੱਖੀ ਪਹੁੰਚ ਯਕੀਨੀ ਬਣਾਉਣ ਲਈ ਦ੍ਰਿੜ੍ਹ ਵਚਨਬੱਧਤਾ ਨਾਲ ਕੰਮ ਕਰੇਗਾ। ਮਿੱਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਉੱਚਤਮ ਮਿਆਰਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ]ਵੇਗਾ।

