ਆਪਣਾ ਪੰਜਾਬ ਮੀਡੀਆ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਬੈਂਡ ਵਾਜੇ ਵਾਲੀ ਟਿੱਪਣੀ ਦੇ ਮਾਮਲੇ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕਰ ਲਿਆ ਹੈ। ਕਮਿਸ਼ਨ ਨੇ ਅੱਜ ਨੋਟਿਸ ਭੇਜ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਕਮਿਸ਼ਨ ਅੱਗੇ 11 ਫਰਵਰੀ ਨੂੰ ਬਾਅਦ ਦੁਪਹਿਰ ਤਿੰਨ ਵਜੇ ਪੇਸ਼ ਹੋਣ ਲਈ ਕਿਹਾ ਹੈ। ਇਸੇ ਦੌਰਾਨ ਕਮਿਸ਼ਨ ਨੇ ਐੱਸ.ਐੱਸ.ਪੀ ਅੰਮ੍ਰਿਤਸਰ ਤੋਂ ਵੀ ਇਸ ਬਾਰੇ ਕਾਨੂੰਨੀ ਰਿਪੋਰਟ ਮੰਗ ਲਈ ਗਈ ਹੈ।
ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਸਿਆਸੀ ਰੈਲੀ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਹਵਾਲੇ ਨਾਲ ਇੱਕ ਟਿੱਪਣੀ ਕੀਤੀ ਸੀ ਜਿਸ ਨੂੰ ‘ਆਪ’ ਨੇ ਦਲਿਤ ਵਰਗ ’ਤੇ ਹਮਲਾ ਦੱਸਿਆ। ਆਮ ਆਦਮੀ ਪਾਰਟੀ ਦੇ ਆਗੂ ਆਖ ਰਹੇ ਹਨ ਕਿ ਬਾਜਵਾ ਨੇ ਕੈਬਨਿਟ ਮੰਤਰੀ ਈ.ਟੀ.ਓ ਦੇ ਪਰਿਵਾਰਕ ਕਿੱਤੇ ਬਾਰੇ ਅਸੱਭਿਅਕ ਭਾਸ਼ਾ ਦੀ ਵਰਤੋਂ ਕੀਤੀ ਹੈ। ਆਮ ਆਦਮੀ ਪਾਰਟੀ ਨੇ ਅੱਜ ਬਾਜਵਾ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਅੱਗੇ ਪ੍ਰਦਰਸ਼ਨ ਵੀ ਕੀਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਆਸੀ ਰੈਲੀ ’ਚ ਕੈਬਨਿਟ ਮੰਤਰੀ ਹਰਭਜਨ ਸਿੰਘ ਦੇ ਪਰਿਵਾਰਕ ਪਿਛੋਕੜ ਦਾ ਜ਼ਿਕਰ ਕਰਦਿਆਂ ਕਿਹਾ ਸੀ ਕਿ ‘ਮੰਤਰੀ ਦੀ ਬੈਂਡ ਵਜਾ ਦਿਆਂਗੇ’।ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਦਾ ਕਹਿਣਾ ਹੈ ਕਿ ਅਨੁਸੂਚਿਤ ਜਾਤੀਆਂ ਦਾ ਅਪਮਾਨ ਸਹਿਣ ਨਹੀਂ ਕੀਤਾ ਜਾਵੇਗਾ।

