ਕਿਸਾਨ ਮੋਰਚੇ ਵੱਲੋਂ ਅਮਰੀਕੀ ਸਮਝੌਤੇ ਵਿਰੁੱਧ ਸੰਘਰਸ਼ ਦਾ ਐਲਾਨ

News Online
2 Min Read

ਆਪਣਾ ਪੰਜਾਬ ਮੀਡੀਆ : ਸੰਯੁਕਤ ਕਿਸਾਨ ਮੋਰਚਾ ਨੇ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਵੱਡੀ ਰੈਲੀ ਕਰ ਕੇ ਭਾਰਤ ਸਰਕਾਰ ਵੱਲੋਂ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨੂੰ ਖੇਤੀ ਅਤੇ ਕਿਸਾਨੀ ਲਈ ਤਬਾਹਕੁਨ ਕਰਾਰ ਦਿੱਤਾ ਤੇ ਇਸ ਵਿਰੁੱਧ ਡਟ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ। ਅੱਜ ਦੀ ਰੈਲੀ ਵਿੱਚ ਪੰਜਾਬ ਦੇ ਪਾਣੀ ਦੇ ਪਲੀਤ ਹੋਣ ਦੇ ਸਿੱਟੇ ਵਜੋਂ ਕੈਂਸਰ ਅਤੇ ਹੋਰ ਬਿਮਾਰੀਆਂ ਦਾ ਕਾਰਨ ਬਣਨ ਦੀਆਂ ਖ਼ਬਰਾਂ ’ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ ਦੇਣ ਦੀ ਮੰਗ ’ਤੇ ਲੋਕ ਲਹਿਰ ਉਸਾਰਨ ਦਾ ਅਹਿਦ ਵੀ ਕੀਤਾ ਗਿਆ।

ਇਸ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨ, ਤਜਵੀਜ਼ਤ ਲੋਕ ਵਿਰੋਧੀ ਬਿਜਲੀ ਤੇ ਬੀਜ ਬਿੱਲ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ’ਤੇ ਫ਼ਸਲਾਂ ਦੀ ਖਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਵਰਗੇ ਮੁੱਦੇ ਵੀ ਉਭਾਰੇ ਗਏ। ਇਨ੍ਹਾਂ ਮੰਗਾਂ ਤੇ ਮਸਲਿਆਂ ਲਈ ਭਵਿੱਖ ਵਿੱਚ ਮੋਰਚਾ ਲਾਉਣ ਲਈ ਜਨਤਕ ਲਾਮਬੰਦੀ ਦੀ ਮੁਹਿੰਮ ਤੇਜ਼ ਕਰਨ ਦਾ ਐਲਾਨ ਵੀ ਕੀਤਾ ਗਿਆ। ਬੁਲਾਰਿਆਂ ਨੇ ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਝੌਤੇ ’ਤੇ ਦਸਤਖ਼ਤ ਨਾ ਕਰਨ ਦੀ ਮੰਗ ਕਰਦਿਆਂ ਇਸ ਵਿਰੁੱਧ ਡਟ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ।

ਮੰਚ ਤੋਂ ਐਲਾਨ ਕੀਤਾ ਗਿਆ ਕਿ ਜਿਸ ਦਿਨ ਬਿਜਲੀ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ, ਉਸ ਤੋਂ ਅਗਲਾ ਦਿਨ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਸੰਘਰਸ਼ ਦੀ ਵਿਉਂਤਬੰਦੀ ਕਰਨ ਲਈ 12 ਮਾਰਚ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਗਈ ਹੈ। ਤਰਨ ਤਾਰਨ ਵਿੱਚ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਪੁੱਡਾ ਨੂੰ ਟਰਾਂਸਫਰ ਕਰਨ ਵਿਰੁੱਧ ਮਤਾ ਪਾਸ ਕੀਤਾ ਗਿਆ। ਇਕੱਠ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੁਲੀਸ ਰਾਜ ਬਣਾਉਣ ਦੀਆਂ ਕਾਰਵਾਈਆਂ ਖ਼ਿਲਾਫ਼ ਨਿਖੇਧੀ ਮਤਾ ਪਾਸ ਕੀਤਾ। ਬੁਲਾਰਿਆਂ ਨੇ ਸੰਘਰਸ਼ਾਂ ਦੌਰਾਨ ਜੇਲ੍ਹੀਂ ਡੱਕੇ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਕੱਠ ਨੇ ਮੰਗ ਕੀਤੀ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਦੀਆਂ ਦੇ ਨੌਜਵਾਨ ਰਣਜੀਤ ਸਿੰਘ ਦੇ ਫ਼ਰਜ਼ੀ ਮੁਕਾਬਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਜਾਵੇ।

Share This Article
Leave a Comment

Leave a Reply