ਆਪਣਾ ਪੰਜਾਬ ਮੀਡੀਆ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅੱਜ ਤੇਜ਼ ਹਵਾਵਾਂ ਨਾਲ ਮੀਂਹ ਅਤੇ ਗੜੇਮਾਰੀ ਹੋਈ, ਜਦਕਿ ਕੁੱਲੂ ਅਤੇ ਲਾਹੌਲ ਤੇ ਸਪਿਤੀ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ’ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਅਸਮਾਨ ਵਿੱਚ ਸੰਘਣੇ ਬੱਦਲ ਛਾਏ ਰਹਿਣ ਕਾਰਨ ਕੁੱਝ ਇਲਾਕਿਆਂ ’ਚ ਦਿਨੇ ਹੀ ਹਨੇਰਾ ਛਾਇਆ ਰਿਹਾ। ਅਟਲ ਸੁਰੰਗ ਸਣੇ ਮਨਾਲੀ ਦੀਆਂ ਉੱਪਰਲੀਆਂ ਪਹਾੜੀਆਂ ’ਤੇ ਹਲਕੀ ਬਰਫ਼ਬਾਰੀ ਹੋਈ।
ਬਰਫ਼ਬਾਰੀ ਕਾਰਨ ਸੈਰ-ਸਪਾਟਾ ਸਨਅਤ ਨਾਲ ਜੁੜੇ ਲੋਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਕਿਉਂਕਿ ਛੁੱਟੀਆਂ ਦੌਰਾਨ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ’ਚ ਗਰਮੀ ਕਾਰਨ ਖੇਤਰ ਵਿੱਚ ਸੈਲਾਨੀਆਂ ਦੀ ਗਿਣਤੀ ਵਧਣ ਦੀ ਉਮੀਦ ਹੈ। ਹਾਲਾਂਕਿ ਵਪਾਰਕ ਐੱਲ ਪੀ ਜੀ ਸਿਲੰਡਰਾਂ ਦੀ ਸਪਲਾਈ ਵਿੱਚ ਵਿਘਨ ਪੈਣ ਦਾ ਖ਼ਦਸ਼ਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਸ਼ਿਮਲਾ ਮੌਸਮ ਵਿਭਾਗ ਨੇ 21 ਮਾਰਚ ਤੱਕ ਸੂਬੇ ਵਿੱਚ ਹਲਕੇ ਮੀਂਹ ਅਤੇ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਮੁਤਾਬਕ ਕੁੱਲੂ ਅਤੇ ਸ਼ਿਮਲਾ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਨੇ ਇਲਾਕੇ ’ਚ ਮੀਂਹ ਪੈਣ ਅਤੇ ਬਿਜਲੀ ਡਿੱਗਣ ਦੀ ਪੇਸ਼ੀਨਗੋਈ ਕਰਦਿਆਂ ਔਰੇਂਜ ਅਲਰਟ ਜਾਰੀ ਕੀਤਾ ਹੈ।

