ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਸਮਾਜ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਔਰਤਾਂ ਆਪਣੇ ਪਰਿਵਾਰ ਅਤੇ ਸਮਾਜ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ’ਚ ਯੋਗਦਾਨ ਨਹੀਂ ਪਾਉਂਦੀਆਂ।
ਮੁੱਖ ਮੰਤਰੀ ਅੱਜ ਮੁਹਾਲੀ ਦੇ ਵਿਕਾਸ ਭਵਨ ਵਿੱਚ ਪੰਚਾਇਤ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਵੱਲੋਂ ਸੂਬੇ ਦੀਆਂ 100 ਉੱਦਮੀ ਔਰਤਾਂ ਦਾ ਸਨਮਾਨ ਕਰਨ ਲਈ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਨ੍ਹਾਂ ਔਰਤਾਂ ਨੂੰ ਸਨਮਾਨ ਵਜੋਂ 25-25 ਹਜ਼ਾਰ ਰੁਪਏ ਭੇਟ ਕੀਤੇ ਗਏ ਹਨ ਜੋ ਕਿ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਮੁਹੱਈਆ ਕਰਵਾਏ।
ਮੁੱਖ ਮੰਤਰੀ ਨੇ ਕਿਹਾ ਕਿ ਨੀਲੇ-ਪੀਲੇ ਕਾਰਡਾਂ ਨਾਲ ਗਰੀਬੀ ਨਹੀਂ ਚੁੱਕੀ ਜਾਣੀ, ਸਗੋਂ ਔਰਤਾਂ ਨੂੰ ਹੁਨਰਮੰਦ ਬਣਾ ਕੇ ਪਰਿਵਾਰਾਂ ਦੀ ਗਰੀਬੀ ਦੂਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ‘ਮਾਵਾਂ-ਧੀਆਂ ਆਸ਼ੀਰਵਾਦ ਯੋਜਨਾ’ ਤੇ ‘ਮੇਰੀ ਰਸੋਈ ਯੋਜਨਾ’ ਤਹਿਤ ਪਰਿਵਾਰਾਂ ਦੀ ਆਰਥਿਕ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਔਰਤਾਂ ਨੂੰ ਆਤਮ-ਨਿਰਭਰ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਖ਼ੀ ਸ਼ਕਤੀ ਮੇਲਿਆਂ ਰਾਹੀਂ ਔਰਤਾਂ ਵੱਲੋਂ ਤਿਆਰ ਸਾਮਾਨ ਦੀ ਵਿਕਰੀ ਲਈ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ, ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੀਤ ਬਾਲਾਜੀ ਜੋਸ਼ੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕਾ ਅਮਨਦੀਪ ਕੌਰ ਅਰੋੜਾ, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪ੍ਰਸਾਸ਼ਨਿਕ ਅਧਿਕਾਰੀ ਹਾਜ਼ਰ ਸਨ।

