ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ, ਉਸ ਸਮੇਂ ਹੀ ਪੰਜਾਬ ਦਾ ਵਿਕਾਸ ਹੋਇਆ ਹੈ। ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਸੂਬੇ ਵਿੱਚ ਅਮਨ-ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ। ਇੱਥੇ ਗੈਂਗਸਟਰ ਲੋਕਾਂ ਤੋਂ ਫ਼ਿਰੌਤੀਆਂ ਮੰਗ ਰਹੇ ਹਨ ਅਤੇ ਗਲੀ-ਗਲੀ ਵਿੱਚ ਨਸ਼ੇ ਵਿਕ ਰਹੇ ਹਨ। ਪੰਜਾਬ ਦੇ ਲੋਕ ਅਤੇ ਨੌਜਵਾਨ ਸੂਬਾ ਸਰਕਾਰ ਦੀਆਂ ਨੀਤੀਆਂ ਕਾਰਨ ਬੁਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਸ੍ਰੀ ਬਾਦਲ ਨੇ ਆਖਿਆ ਕਿ ਪੰਜਾਬ ਨੂੰ ਮੁੜ ਤਰੱਕੀ ਤੇ ਖ਼ੁਸ਼ਹਾਲੀ ਦੇ ਰਾਹ ਤੋਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ।
ਉਹ ਅੱਜ ਹਲਕਾ ਇੰਚਾਰਜ ਐੱਸ ਆਰ ਕਲੇਰ ਦੀ ਅਗਵਾਈ ਹੇਠ ਸਥਾਨਕ ਦਾਣਾ ਮੰਡੀ ਵਿੱਚ ‘ਪੰਜਾਬ ਬਚਾਓ’ ਤਹਿਤ ਕੀਤੀ ਰੈਲੀ ਦੌਰਾਨ ਸੰਬੋਧਨ ਕਰ ਰਹੇ ਸਨ। ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਪਿਤਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਆਖਿਆ ਕਿ ਮੁਫ਼ਤ ਬਿਜਲੀ, ਆਟਾ-ਦਾਲ, ਸੜਕਾਂ, ਮੈਡੀਕਲ ਕਾਲਜ, ਯੂਨੀਵਰਸਿਟੀਆਂ, ਸਰਕਾਰੀ ਸਕੀਮਾਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਸੀ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਕਾਰੋਬਾਰਾਂ ’ਚ ਨਿਪੁੰਨ ਬਣਾਉਣ ਲਈ ਸਕਿਲ ਯੂਨੀਵਰਸਿਟੀ ਬਣਾਈ ਜਾਵੇਗੀ। ਜਗਰਾਉਂ ਨੂੰ ਜ਼ਿਲ੍ਹਾ ਬਣਾਉਣ ਤੋਂ ਇਲਾਵਾ ਸੂਬੇ ਦੇ ਹੋਰ ਜ਼ਿਲ੍ਹਿਆਂ ’ਚ ਵੈਟਰਨਰੀ ਅਤੇ ਮੈਡੀਕਲ ਕਾਲਜ ਬਣਾਏ ਜਾਣਗੇ। ਰੈਲੀ ਨੂੰ ਗੁਰਚਰਨ ਸਿੰਘ ਗਰੇਵਾਲ, ਐੱਸ ਆਰ ਕਲੇਰ, ਹੀਰਾ ਸਿੰਘ ਗਾਬੜੀਆ, ਕੰਵਲਜੀਤ ਸਿੰਘ ਮੱਲ੍ਹਾ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ।

