ਆਪਣਾ ਪੰਜਾਬ ਮੀਡੀਆ : ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ’ਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿਰੋਧੀ ਧਿਰਾਂ ਨੇ ਇਕਜੁੱਟ ਹੋ ਕੇ ਅੱਜ ਚੰਡੀਗੜ੍ਹ ’ਚ ਪ੍ਰਦਰਸ਼ਨ ਕੀਤਾ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਏਟਕ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਜ ਇਥੇ ਐੱਮ ਐੱਲ ਏ ਹੋਸਟਲ ਵਿਖੇ ਇਕੱਠੇ ਹੋਏ।
ਵੱਖ ਵੱਖ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ‘ਆਪ’ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਜਦੋਂ ਉਹ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਚੰਡੀਗੜ੍ਹ ਪੁਲੀਸ ਨੇ ਐੱਮ ਐੱਲ ਏ ਹੋਸਟਲ ਦੇ ਗੇਟ ’ਤੇ ਰੋਕਾਂ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਖਿੱਚ-ਧੂਹ ਵੀ ਹੋਈ। ਜਦੋਂ ਪ੍ਰਦਰਸ਼ਨਕਾਰੀ ਪਿੱਛੇ ਨਹੀਂ ਹਟੇ ਤਾਂ ਪੁਲੀਸ ਨੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਹਿਰਾਸਤ ਵਿੱਚ ਲੈ ਕੇ ਥਾਣਾ ਸੈਕਟਰ 3 ਵਿੱਚ ਬੰਦ ਕਰ ਦਿੱਤਾ।
ਇਸ ਮੌਕੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸ਼੍ਰੋਮਣੀ ਅਕਾਲੀ ਦਲ ਤੋਂ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਸਣੇ ਵੱਡੀ ਗਿਣਤੀ ਆਗੂ ਮੌਜੂਦ ਸਨ। ਪ੍ਰਦਰਸ਼ਨ ਦੌਰਾਨ ਮ੍ਰਿਤਕ ਗਗਨਦੀਪ ਸਿੰਘ ਰੰਧਾਵਾ ਦਾ ਭਰਾ ਵਰਿੰਦਰ ਪਾਲ ਸਿੰਘ ਵੀ ਹਾਜ਼ਰ ਸੀ। ਬਾਅਦ ’ਚ ਸਾਰੇ ਆਗੂਆਂ ਨੂੰ ਛੱਡ ਦਿੱਤਾ ਗਿਆ।

