ਆਪਣਾ ਪੰਜਾਬ ਮੀਡੀਆ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਲਿਆਉਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 13 ਅਪਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ, ਜਿਸ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008’ ਵਿੱਚ ਸੋਧ ਕਰ ਕੇ ਨਵਾਂ ਅਤੇ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ।
ਸੰਧਵਾਂ ਨੇ ਇਹ ਪ੍ਰਗਟਾਵਾ ਅੱਜ ਸਮਾਣਾ ਵਿੱਚ ਟਾਵਰ ਮੋਰਚੇ ਦੀ ਸੰਗਤ ਨਾਲ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ 14 ਅਪਰੈਲ ਨੂੰ ਖੁਦ ਇਸ ਕਾਨੂੰਨ ਦਾ ਖਰੜਾ ਲੈ ਕੇ ਸਮਾਣਾ ਮੋਰਚੇ ਵਿੱਚ ਪਹੁੰਚਣਗੇ ਅਤੇ ਅਕਤੂਬਰ 2024 ਤੋਂ ਟਾਵਰ ’ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੌਂਪਣਗੇ।
ਇਸ ਮੌਕੇ ਟਾਵਰ ’ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨਾਲ ਮੋਬਾਈਲ ’ਤੇ ਗੱਲਬਾਤ ਵੀ ਕੀਤੀ ਗਈ। ਭਾਈ ਗੁਰਜੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸੈਸ਼ਨ ਸੱਦਣ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਸਖ਼ਤ ਕਾਨੂੰਨ ਪਾਸ ਹੋਣ ਮਗਰੋਂ ਉਹ ਟਾਵਰ ਤੋਂ ਹੇਠਾਂ ਉਤਰ ਆਉਣਗੇ। ਸਪੀਕਰ ਸੰਧਵਾਂ ਨੇ ਦੱਸਿਆ ਕਿ ਤਜਵੀਜ਼ਤ ਕਾਨੂੰਨ ਵਿੱਚ ਦੋਸ਼ੀਆਂ ਲਈ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਹੀ ਇਹ ਕਦਮ ਚੁੱਕਿਆ ਹੈ।

