ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ’ਚ ਕੇਂਦਰ ਦੇ ਦਖ਼ਲ ਦੀ ਮੰਗ ਖ਼ਾਰਜ ਕਰ ਦਿੱਤੀ। ਵਿਰੋਧੀ ਧਿਰਾਂ ਤਰਫ਼ੋਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਜੁੜੇ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਾਏ ਜਾਣ ਦੀ ਮੰਗ ਕੀਤੀ ਗਈ ਸੀ। ਪੀੜਤ ਪਰਿਵਾਰ ਵੀ ਸੀ ਬੀ ਆਈ ਦੀ ਜਾਂਚ ’ਤੇ ਅੜਿਆ ਹੋਇਆ ਹੈ। ਉਨ੍ਹਾਂ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਖੜ੍ਹਨ ਦੀ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਹਰ ਜਾਨ ਦੀ ਕਦਰ ਹੈ ਅਤੇ ਕਾਰਵਾਈ ਕਰਨਾ ਸਰਕਾਰ ਦਾ ਫ਼ਰਜ਼ ਹੈ।
ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਲਿਖਤੀ ਦਰਖ਼ਾਸਤ ਦਿੱਤੇ ਜਾਣ ਦੀ ਸੂਰਤ ’ਚ ਖ਼ੁਦਕੁਸ਼ੀ ਕੇਸ ਦੀ ਜਾਂਚ ਸੀ ਬੀ ਆਈ ਹਵਾਲੇ ਕਰਨ ਦਾ ਭਰੋਸਾ ਦਿੱਤਾ ਸੀ। ਮੁੱਖ ਮੰਤਰੀ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਖ਼ੁਦਕੁਸ਼ੀ ਕੇਸ ਦੀ ਜਾਂਚ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਪੰਜਾਬ ਪੁਲੀਸ ’ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਸਹੀ ਢੰਗ ਨਾਲ ਹੋਵੇਗੀ। ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਬਾਕੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਉੱਚ ਤਾਕਤੀ ਕਮੇਟੀ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾਵੇਗੀ ਅਤੇ ਜੇ ਇਸ ਕੇਸ ’ਚ ਕਿਸੇ ਹੋਰ ਸਾਜ਼ਿਸ਼ਕਾਰ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਬਿਨਾਂ ਦੇਰ ਸਖ਼ਤ ਕਾਰਵਾਈ ਹੋਵੇਗਾ।

