ਬਹੁਤੇ ਵਾਅਦੇ ਪੂਰੇ ਕੀਤੇ, ਬਾਕੀਆਂ ’ਤੇ ਕੰਮ ਜਾਰੀ: ਮਾਨ

News Online
2 Min Read

ਆਪਣਾ ਪੰਜਾਬ ਮੀਡੀਆ : ਦੂਧਨ ਸਾਧਾਂ ਵਿੱਚ ਹਲਕਾ ਇੰਚਾਰਜ ਰਣਜੋਧ ਹਡਾਣਾ ਦੀ ਅਗਵਾਈ ਹੇਠ ‘ਆਪ’ ਦੀ ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 114 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ’ਚੋਂ 87 ਕਰੋੜ ਸੜਕਾਂ ਦੇ ਨਵੀਨੀਕਰਨ ਅਤੇ 27 ਕਰੋੜ ਨਹਿਰੀ ਲਾਈਨਿੰਗ ਦੇ ਪ੍ਰਾਜੈਕਟ ’ਤੇ ਖਰਚੇ ਜਾਣਗੇ। ਮੁੱਖ ਮੰਤਰੀ ਨੇ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ‘ਆਪ’ ਨੇ ਆਪਣੇ ਬਹੁਤੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਬਾਕੀ ਰਹਿੰਦੇ ਕੰਮ ਲਗਾਤਾਰ ਜਾਰੀ ਹਨ।


ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ ਲੋਕ ਹਿੱਤ ਵਿੱਚ ਅਜਿਹੇ ਕੰਮ ਕੀਤੇ ਹਨ, ਜਿਹੜੇ ਪਿਛਲੀਆਂ ਸਰਕਾਰਾਂ ਨੇ ਕਦੇ ਸੋਚੇ ਵੀ ਨਹੀਂ ਸਨ। ਉਨ੍ਹਾਂ ਦਸ ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦਾ ਉਚੇਚਾ ਜ਼ਿਕਰ ਕਰਦਿਆਂ ਘਰਾਂ ਨੇੜੇ ਬਿਹਤਰ ਸਿਹਤ ਸਹੂਲਤਾਂ ਦੇਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੀ ਗੱਲ ਵੀ ਆਖੀ। ਖੇਤੀਬਾੜੀ ਬਾਰੇ ਉਨ੍ਹਾਂ ਕਿਹਾ ਕਿ ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਰਜਵਾਹਿਆਂ ਦੀਆਂ ਟੇਲਾਂ ਕੰਕਰੀਟ ਨਾਲ ਪੱਕੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਦੌਰਾਨ ਉਨ੍ਹਾਂ ਸਨੌਰ ਹਲਕੇ ਵਿੱਚ 49.60 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਦੱਸਿਆ ਕਿ ਪਟਿਆਲਾ-ਪਿਹੋਵਾ ਸੜਕ ਚਾਰ-ਮਾਰਗੀ ਕਰਨ ਦਾ ਮੁੱਦਾ ਕੇਂਦਰ ਕੋਲ ਚੁੱਕਿਆ ਗਿਆ ਹੈ। ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਮੀਡੀਆ ਸਲਾਹਕਾਰ ਬਲਤੇਜ ਪੰਨੂ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਬਰਸਟ, ਵਿਧਾਇਕ ਚੇਤਨ ਜੌੜੇਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਦੇਵ ਸਿੰਘ ਮਾਨ, ਨੀਨਾ ਮਿੱਤਲ, ਗੁਰਲਾਲ ਘਨੌਰ ਅਤੇ ਅਜੀਤਪਾਲ ਕੋਹਲੀ ਵੀ ਹਾਜ਼ਰ ਸਨ।

Share This Article
Leave a Comment

Leave a Reply