ਆਪਣਾ ਪੰਜਾਬ ਮੀਡੀਆ : ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਦੇ ਨਾਲ ਹੀ ਵਿਸਾਖੀ ਜੋੜ ਮੇਲ ਰਸਮੀ ਤੌਰ ’ਤੇ ਆਰੰਭ ਹੋ ਗਿਆ। ਪਹਿਲੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨੇ ਪਾਵਨ ਸਰੋਵਰਾਂ ’ਚ ਇਸ਼ਨਾਨ ਕਰ ਕੇ ਤਖ਼ਤ ਸਾਹਿਬ ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ ’ਚ ਮੱਥਾ ਟੇਕਿਆ।
ਸਭ ਤੋਂ ਪਹਿਲਾਂ ਤਖ਼ਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਪ੍ਰਕਾਸ਼ ਕਰਵਾਏ ਗਏ। ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ। ਆਰੰਭਤਾ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਮੌਜੂਦ ਤਖ਼ਤ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਇਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਿੱਖ ਕੌਮ ਦੇ ਅਣਖੀਲੇ ਇਤਿਹਾਸ ਅਤੇ ਸਵੈ-ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ 14 ਅਪਰੈਲ ਨੂੰ ਮੁੱਖ ਸਮਾਗਮ ਹੋਣਗੇ ਜਿਨ੍ਹਾਂ ’ਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਪ੍ਰਸਿੱਧ ਕਥਾਵਾਚਕ ਕਥਾ ਵਿਚਾਰਾਂ ਰਾਹੀਂ ਤੇ ਢਾਡੀ ਅਤੇ ਕਵੀਸ਼ਰੀ ਜਥੇ ਵੀਰ ਰਸ ਵਾਰਾਂ ਨਾਲ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਨਗੇ।

