ਜਗਰਾਉਂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ ਭਲਕੇ ‘ਰੇਲ ਰੋਕੋ’ ਦਾ ਸੱਦਾ

News Online
2 Min Read

ਆਪਣਾ ਪੰਜਾਬ ਮੀਡੀਆ : ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਭਲਕੇ 17 ਅਪਰੈਲ ਨੂੰ ਸੂਬਾ ਵਿਆਪੀ ‘ਰੇਲ ਰੋਕੋ’ ਅੰਦੋਲਨ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਪਟੜੀਆਂ ’ਤੇ ਧਰਨੇ ਦਿੱਤੇ ਜਾਣਗੇ। ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਰੇਲਵੇ ਸਟੇਸ਼ਨ ‘ਤੇ ਹੋਣ ਵਾਲੇ ਇਸ ਪ੍ਰਦਰਸ਼ਨ ਕਾਰਨ ਰੇਲ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤਿੰਨ ਘੰਟੇ ਦੇ ਪ੍ਰਦਰਸ਼ਨ ਕਾਰਨ ਤਿੰਨ ਪੈਸੰਜਰ ਅਤੇ ਤਿੰਨ ਮਾਲ ਗੱਡੀਆਂ ਦੀ ਆਵਾਜਾਈ ਰੁਕ ਸਕਦੀ ਹੈ। ਇਨ੍ਹਾਂ ਵਿੱਚ ਫ਼ਿਰੋਜ਼ਪੁਰ ਤੋਂ ਲੁਧਿਆਣਾ, ਲੁਧਿਆਣਾ ਤੋਂ ਜੈਪੁਰ, ਫ਼ਿਰੋਜ਼ਪੁਰ ਤੋਂ ਦਿੱਲੀ ਅਤੇ ਫ਼ਿਰੋਜ਼ਪੁਰ ਤੋਂ ਚੰਡੀਗੜ੍ਹ ਜਾਣ ਵਾਲੀਆਂ ਰੇਲ ਗੱਡੀਆਂ ਸ਼ਾਮਲ ਹਨ। ਬੀਕੇਯੂ (ਡਕੌਂਦਾ) ਦੇ ਪ੍ਰਧਾਨ ਕਮਲਜੀਤ ਖੰਨਾ ਨੇ ਦੱਸਿਆ ਕਿ ਜਗਰਾਉਂ ਵਿਖੇ ਕਰੀਬ 400-500 ਕਿਸਾਨ ਇਕੱਠੇ ਹੋ ਕੇ ਰੇਲਾਂ ਦਾ ਚੱਕਾ ਜਾਮ ਕਰਨਗੇ। “ਕੁਦਰਤੀ ਆਫ਼ਤ ਦੀ ਸਜ਼ਾ ਕਿਸਾਨ ਨੂੰ ਕਿਉਂ?”


ਕਿਸਾਨਾਂ ਦਾ ਮੁੱਖ ਗਿਲਾ ਕੇਂਦਰ ਸਰਕਾਰ ਅਤੇ ਸਰਕਾਰੀ ਏਜੰਸੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਬਦਲੇ ਲਗਾਏ ਜਾਣ ਵਾਲੇ ਸੰਭਾਵੀ ਜੁਰਮਾਨੇ (Value Cut) ਨੂੰ ਲੈ ਕੇ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਬੇਮੌਸਮੀ ਬਾਰਸ਼ ਅਤੇ ਤੇਜ਼ ਹਵਾਵਾਂ ਕਾਰਨ ਕਣਕ ਦਾ ਦਾਣਾ ਸੁੰਗੜ ਗਿਆ ਹੈ ਅਤੇ ਰੰਗ ਫਿੱਕਾ ਪੈ ਗਿਆ ਹੈ। ਉਨ੍ਹਾਂ ਕਿਹਾ, “ਕੁਦਰਤੀ ਕਾਰਨਾਂ ਕਰਕੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਕਿਉਂ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ? ਸਰਕਾਰ ਨੂੰ ਅਜਿਹੇ ਹਾਲਾਤ ਵਿੱਚ ਖ਼ਰੀਦ ਨਿਯਮਾਂ ਵਿੱਚ ਛੋਟ ਦੇਣੀ ਚਾਹੀਦੀ ਹੈ ਨਾ ਕਿ ਕਿਸਾਨਾਂ ਦੀ ਜੇਬ ’ਤੇ ਡਾਕਾ ਮਾਰਨਾ ਚਾਹੀਦਾ ਹੈ।”

ਕੇਂਦਰ ਸਰਕਾਰ ’ਤੇ ਨਿਸ਼ਾਨਾ ਕਿਸਾਨਾਂ ਨੇ ਦੋਸ਼ ਲਾਇਆ ਕਿ ਕੇਂਦਰੀ ਏਜੰਸੀਆਂ ਜਾਣਬੁੱਝ ਕੇ ਪੰਜਾਬ ਦੇ ਕਿਸਾਨਾਂ ਲਈ ਮੁਸ਼ਕਲਾਂ ਪੈਦਾ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਦੇ ਕਿਸਾਨਾਂ ਨੂੰ ਭਾਜਪਾ ਸਰਕਾਰ ਹੋਣ ਕਾਰਨ ਵਧੇਰੇ ਰਾਹਤ ਮਿਲੀ ਹੈ, ਜਦੋਂਕਿ ਪੰਜਾਬ ਨੂੰ ਦਿੱਲੀ ਅੰਦੋਲਨ ਦਾ ਬਦਲਾ ਲੈਣ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਅੰਦੋਲਨ ਕਾਰਨ ਸੈਂਕੜੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Share This Article
Leave a Comment

Leave a Reply