ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਹੱਦੀ ਖੇਤਰ ਦੇ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਕੇਂਦਰ ਸਰਕਾਰ ਨੇ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ 300 ਮੀਟਰ ਦੇ ਅੰਦਰ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਟਾਰੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਲੱਖਾਂ ਏਕੜ ਜ਼ਮੀਨ ਕੰਡਿਆਲੀ ਤਾਰ ਤੋਂ ਮੁਕਤ ਹੋ ਜਾਵੇਗੀ ਅਤੇ ਕਿਸਾਨ ਬਿਨਾਂ ਕਿਸੇ ਰੋਕ-ਟੋਕ ਦੇ ਆਪਣੇ ਖੇਤਾਂ ਵਿੱਚ ਵਾਹੀ ਕਰ ਸਕਣਗੇ। ਇਸ ਕਾਰਜ ਲਈ ਐੱਸ ਡੀ ਐੱਮਜ਼ ਨੂੰ ਤੁਰੰਤ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਫ਼ੈਸਲੇ ਦਾ ਲਾਭ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਕਿਸਾਨਾਂ ਨੂੰ ਮਿਲੇਗਾ।
ਮੁੱਖ ਮੰਤਰੀ ਨੇ ਅਟਾਰੀ ਹਲਕੇ ਦੇ ਵਿਕਾਸ ਲਈ 137 ਕਿਲੋਮੀਟਰ ਲੰਮੀਆਂ 121 ਸੜਕਾਂ ਦੇ ਨਵੀਨੀਕਰਨ ਵਾਸਤੇ 57.80 ਕਰੋੜ ਰੁਪਏ ਖ਼ਰਚਣ ਦਾ ਐਲਾਨ ਵੀ ਕੀਤਾ। ਉਨ੍ਹਾਂ ਵਿਰੋਧੀਆਂ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸੱਤਾਧਾਰੀ ਆਗੁੂਆਂ ਨੇ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕੀਤੀ।

