Kiranbir Singh Kang ਨੇ ਪੰਜਾਬੀ ਲੋਕਰਾਜ ਪਾਰਟੀ ਬਣਾਈ

News Online
2 Min Read

ਆਪਣਾ ਪੰਜਾਬ ਮੀਡੀਆ : ਅਕਾਲੀ ਦਲ ਦੇ ਸਾਬਕਾ ਆਗੂ ਕਿਰਨਬੀਰ ਸਿੰਘ ਕੰਗ ਨੇ ਅੱਜ ਆਪਣੀ ਨਵੀਂ ਸਿਆਸੀ ਪਾਰਟੀ ‘ਪੰਜਾਬੀ ਲੋਕਰਾਜ ਪਾਰਟੀ’ (PLP) ਬਣਾਉਣ ਦਾ ਐਲਾਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਬੰਧੀ ਖੁਲਾਸੇ ਕਰਦਿਆਂ ਕਿਹਾ ਕਿ ਰਾਘਵ ਚੱਢਾ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕਈ ਵਾਰ ਉਨ੍ਹਾਂ ਤੱਕ ਪਹੁੰਚ ਕੀਤੀ ਸੀ ਅਤੇ ਉਨ੍ਹਾਂ ਨੂੰ 10 ਸੀਟਾਂ ਸਮੇਤ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਚੱਢਾ ਨੇ ਹੀ ਪੰਜਾਬ ਦੇ ਕਈ ਪ੍ਰਭਾਵਸ਼ਾਲੀ ਆਗੂਆਂ ਅਤੇ ਉਦਯੋਗਪਤੀਆਂ ਨੂੰ ‘ਆਪ’ ਵਿੱਚ ਸ਼ਾਮਲ ਕਰਨ ਵਿੱਚ ‘ਪਾਵਰ ਬ੍ਰੋਕਰ’ ਵਜੋਂ ਅਹਿਮ ਭੂਮਿਕਾ ਨਿਭਾਈ ਸੀ, ਹਾਲਾਂਕਿ ਹੁਣ ਪਾਰਟੀ ਨੇ ਉਨ੍ਹਾਂ ਤੋਂ ਕਿਨਾਰਾ ਕਰ ਲਿਆ ਹੈ।

ਕਿਰਨਬੀਰ ਕੰਗ ਨੇ ਮੌਜੂਦਾ ‘ਆਪ’ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਨੂੰ ਇੱਕ ‘ਸਿਆਸੀ ਸਰਕਸ’ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਸਲ ਮੁੱਦਿਆਂ ਨੂੰ ਛੱਡ ਕੇ ਸਿਰਫ਼ ਮੁਫ਼ਤ ਬਿਜਲੀ ਅਤੇ ਬੱਸ ਸਫ਼ਰ ਵਰਗੀਆਂ ਸਕੀਮਾਂ ਰਾਹੀਂ ਵੋਟਾਂ ਬਟੋਰਨ ‘ਤੇ ਲੱਗੀ ਹੋਈ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ‘ਤੇ ਪਰਿਵਾਰਵਾਦ ਦਾ ਦੋਸ਼ ਲਾਇਆ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਲੋਕ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵਜੋਂ ਵਰਤਦੇ ਹਨ, ਉਹ ਸੂਬੇ ਨੂੰ ਮੁੜ ਕਾਲੇ ਦੌਰ ਵਿੱਚ ਧੱਕਣਾ ਚਾਹੁੰਦੇ ਹਨ। ਕੰਗ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਕਰਕੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕੇਗੀ।

Share This Article
Leave a Comment

Leave a Reply