ਆਪਣਾ ਪੰਜਾਬ ਮੀਡੀਆ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਨੂੰ ਮਜ਼ਬੂਤ ਕਰਕੇ ਸੂਬੇ ’ਚ ‘ਡਬਲ ਇੰਜਣ’ ਸਰਕਾਰ ਬਣਾਉਣ ਤਾਂ ਜੋ ਪੰਜਾਬ ਨੂੰ ਮੁੜ ਖੁਸ਼ਹਾਲੀ ਤੇ ਤਰੱਕੀ ਦੇ ਰਾਹ ’ਤੇ ਲਿਆਂਦਾ ਜਾ ਸਕੇ। ਉਹ ਅੱਜ ਇੱਥੇ ਕਸ਼ਿਅਪ ਰਾਜਪੂਤ ਪਰਿਵਾਰ ਸੰਮੇਲਨ ਵਿੱਚ ਸ਼ਾਮਲ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਵਾਂਗ ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਕਰ ਰਹੀ ਹੈ। ਇਸ ਲਈ ਦਿੱਲੀ ਦੇ ਲੋਕਾਂ ਤੋਂ ਬਾਅਦ ਹੁਣ ਪੰਜਾਬ ਦੇ ਲੋਕ ਵੀ ਇਸ ਨੂੰ ਬਾਹਰ ਦਾ ਰਸਤਾ ਵਿਖਾਉਣ ਲਈ ਤਿਆਰ ਬੈਠੇ ਹਨ। ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਹੈ।
ਨਾਇਬ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਭਾਜਪਾ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਅਜੇ ਤੱਕ ਪੰਜਾਬ ਵਿੱਚ ਰੁਜ਼ਗਾਰ ਦੇਣ, ਨਸ਼ੇ ਖ਼ਤਮ ਕਰਨ, ਔਰਤਾਂ ਨੂੰ ਪੈਨਸ਼ਨ ਦੇਣ ਸਮੇਤ ਕਿਹੜਾ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਅਨਿਲ ਸਰੀਨ, ਜੀਵਨ ਗੁਪਤਾ ਤੇ ਹੋਰ ਹਾਜ਼ਰ ਸਨ।

