ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਪਹੁੰਚੇ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਬਣਾਏ ਗਏ ਸਖ਼ਤ ਕਾਨੂੰਨ ਦੇ ਸਬੰਧ ਵਿੱਚ ‘ਸ਼ੁਕਰਾਨਾ ਯਾਤਰਾ’ ਦਾ ਕਾਫ਼ਲਾ ਲੈ ਕੇ ਪਹੁੰਚੇ ਸਨ। ਕਸਬਾ ਧਨੌਲਾ ਵਿਚ ਪੜਾਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬੇਅਦਬੀ ਦੀਆਂ ਘਟਨਾਵਾਂ ‘ਤੇ ਪਿਛਲੀਆਂ ਸਰਕਾਰਾਂ ਦੀ ਢਿੱਲ ਅਤੇ ਮੌਜੂਦਾ ਸਰਕਾਰ ਦੀ ਸਖ਼ਤੀ ਬਾਰੇ ਗੱਲ ਕੀਤੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਲੰਬੇ ਸਮੇਂ ਤੋਂ ਸ਼ਰਾਰਤੀ ਅਨਸਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦੇ ਰਹੇ ਹਨ, ਪਰ ਉਚਿਤ ਅਤੇ ਸਖ਼ਤ ਕਾਨੂੰਨ ਨਾ ਹੋਣ ਕਾਰਨ ਉਹ ਬਚ ਨਿਕਲਦੇ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹਾ ਕਾਨੂੰਨ ਤਿਆਰ ਕੀਤਾ ਹੈ ਜਿਸ ਤਹਿਤ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਸੰਬੋਧਨ ਦੌਰਾਨ ਸੀਐਮ ਨੇ ਇੱਕ ਅਹਿਮ ਕਾਨੂੰਨੀ ਜਿੱਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਬਹਿਕਾਵੇ ਵਿੱਚ ਆ ਕੇ ਇੱਕ ਵਿਅਕਤੀ ਨੇ ਇਸ ਸਖ਼ਤ ਕਾਨੂੰਨ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ (ਰਿੱਟ) ਦਾਇਰ ਕੀਤੀ ਸੀ। ਹਾਈਕੋਰਟ ਨੇ ਨਾ ਸਿਰਫ਼ ਉਸ ਪਟੀਸ਼ਨ ਨੂੰ ਰੱਦ ਕੀਤਾ, ਸਗੋਂ ਪਟੀਸ਼ਨਕਰਤਾ ਨੂੰ ਝਾੜ ਪਾਉਂਦਿਆਂ 10,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਨੂੰਨ ਨੂੰ ਹੁਣ ਕੋਈ ਵੀ ਚੁਣੌਤੀ ਦੇ ਕੇ ਰੱਦ ਨਹੀਂ ਕਰਵਾ ਸਕਦਾ, ਕਿਉਂਕਿ ਇਸ ਨੂੰ ਸਰਕਾਰ ਵੱਲੋਂ ਲਾਗੂ ਕਰਨ ਤੋਂ ਬਾਅਦ ਰਾਜਪਾਲ ਨੇ ਵੀ ਆਪਣੀ ਮਨਜ਼ੂਰੀ ਦੇ ਦਿੱਤੀ ਹੈ।
ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਨਹੀਂ ਚਾਹੁੰਦੇ ਸਨ ਕਿ ਪੰਜਾਬ ਵਿੱਚ ਬੇਅਦਬੀ ਖ਼ਿਲਾਫ਼ ਕੋਈ ਸਖ਼ਤ ਕਾਨੂੰਨ ਬਣੇ। ਉਨ੍ਹਾਂ ਜਨਤਾ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਧਾਰਮਿਕ ਮਰਿਆਦਾ ਅਤੇ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ‘ਤੇ ਕੰਮ ਕਰਦੀ ਰਹੇਗੀ।


