ਆਪਣਾ ਪੰਜਾਬ ਮੀਡੀਆ : ਰੋਪੜ ਰੇਂਜ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਦੀਆਂ ਸ਼ਕਤੀਆਂ ਨੂੰ ਚੁਣੌਤੀ ਦਿੱਤੀ ਹੈ। ਭੁੱਲਰ ਨੇ ਪਿਛਲੇ ਸਾਲ 29 ਅਕਤੂਬਰ ਨੂੰ ਸੀ.ਬੀ.ਆਈ. ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਕੀਤੀ ਗਈ ਐਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਦਲੀਲ ਹੈ ਕਿ ਸੂਬਾ ਸਰਕਾਰ ਦੀ ਅਗਾਊਂ ਸਹਿਮਤੀ ਤੋਂ ਬਿਨਾਂ ਸੀ.ਬੀ.ਆਈ. ਪੰਜਾਬ ਕੇਡਰ ਦੇ ਅਧਿਕਾਰੀ ਵਿਰੁੱਧ ਜਾਂਚ ਕਰਨ ਦਾ ਕਾਨੂੰਨੀ ਅਧਿਕਾਰ ਨਹੀਂ ਰੱਖਦੀ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਤਹਿਤ ਦਰਜ ਇਹ ਮਾਮਲਾ ਕਾਨੂੰਨੀ ਅਤੇ ਤੱਥਾਂ ਦੇ ਅਧਾਰ ‘ਤੇ ਗਲਤ ਹੈ। ਭੁੱਲਰ ਦੇ ਵਕੀਲਾਂ ਤਨੂੰ ਬੇਦੀ, ਵਿਪੁਲ ਜੋਸ਼ੀ ਅਤੇ ਈਸ਼ਾਨ ਖੇਤਰਪਾਲ ਰਾਹੀਂ ਦਾਇਰ ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਾਰਵਾਈ ਕਾਨੂੰਨੀ ਪ੍ਰਕਿਰਿਆ ਦੀ ਸਰਾਸਰ ਦੁਰਵਰਤੋਂ ਹੈ ਅਤੇ ਸੁਪਰੀਮ ਕੋਰਟ ਵੱਲੋਂ ਤੈਅ ਕੀਤੇ ਗਏ ਸਿਧਾਂਤਾਂ ਦੇ ਉਲਟ ਹੈ।

