ਆਪਣਾ ਪੰਜਾਬ ਮੀਡੀਆ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਦੇਣ ਦੀ ਨੀਤੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਇਹ ਪ੍ਰਤੀਕਿਰਿਆ ਸੀਬੀਆਈ ਵੱਲੋਂ ਮਲੋਟ ਦੇ ਇੱਕ ਪਿਓ-ਪੁੱਤ ਅਤੇ ਉਨ੍ਹਾਂ ਦੇ ਸਾਥੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨਾਲ ਸਬੰਧਤ 20 ਲੱਖ ਰੁਪਏ ਦੇ ਰਿਸ਼ਵਤ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਆਈ ਹੈ। ਬਲਕੌਰ ਸਿੰਘ ਨੇ ਦੋਸ਼ ਲਾਇਆ ਕਿ ਇੱਕ ਪਾਸੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਫਸੇ ਲੋਕਾਂ ਨੂੰ ਸਰਕਾਰੀ ਗੰਨਮੈਨ ਦਿੱਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਉਨ੍ਹਾਂ ਦੇ ਪੁੱਤਰ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਗਈ ਸੀ।
ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਬਲਕੌਰ ਸਿੰਘ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮਲੋਟ ਦੇ ਰਿਸ਼ਵਤ ਕਾਂਡ ਵਿੱਚ ਵਿਚੋਲੇ ਵਜੋਂ ਕੰਮ ਕਰਨ ਵਾਲੇ ਪਿਓ-ਪੁੱਤ ਨੂੰ ਪੁਲੀਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਦਿੱਲੀ ਦੀਆਂ ਖੁਫੀਆ ਏਜੰਸੀਆਂ ਵੱਲੋਂ ਮੂਸੇਵਾਲਾ ਦੀ ਜਾਨ ਨੂੰ ਖ਼ਤਰਾ ਹੋਣ ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ, ਸਰਕਾਰ ਨੇ ਖਰਚੇ ਘਟਾਉਣ ਦੇ ਨਾਂ ’ਤੇ ਸਿੱਧੂ ਦੇ ਦੋ ਗੰਨਮੈਨ ਵਾਪਸ ਲੈ ਲਏ ਸਨ।

