ਆਪਣਾ ਪੰਜਾਬ ਮੀਡੀਆ : ਉੱਤਰਾਖੰਡ ਵਿਖੇ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ 2026 ਦੀ ਸਾਲਾਨਾ ਯਾਤਰਾ 20 ਮਈ ਨੂੰ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਆਰੰਭ ਹੋਵੇਗੀ, ਜਦੋਂ ਕਿ ਗੁਰਦੁਆਰਾ ਸਾਹਿਬ ਦੇ ਕਪਾਟ ਸੰਗਤ ਵਾਸਤੇ 23 ਮਈ ਨੂੰ ਖ਼ਾਲਸਾਈ ਰਵਾਇਤਾਂ ਮੁਤਾਬਕ ਖੋਲ੍ਹੇ ਜਾਣਗੇ। ਭਾਰਤੀ ਫ਼ੌਜ ਵੱਲੋਂ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਅਤੇ ਰਸਤਿਆਂ ਵਿੱਚੋਂ ਬਰਫ਼ ਹਟਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਯਾਤਰਾ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਹਿਲੇ ਜੱਥੇ ਦੇ ਰੂਪ ਵਿੱਚ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗੀ। ਇਸ ਸਬੰਧ ਵਿੱਚ ਟਰੱਸਟ ਵੱਲੋਂ ਗੁਰਦੁਆਰਾ ਰਿਸ਼ੀਕੇਸ਼ ਵਿਖੇ ਇੱਕ ਵੱਡਾ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਇਸ ਸਮਾਗਮ ਵਿੱਚ ਉੱਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ), ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ (ਰਾਜਪਾਲ) ਤਰਨਜੀਤ ਸਿੰਘ ਸੰਧੂ ਤੇ ਹੋਰ ਮੰਤਰੀ, ਪਤਵੰਤੇ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸ਼ਰਧਾਲੂ ਸ਼ਾਮਲ ਹੋਣਗੇ। ਇਹ ਸਮਾਗਮ ਸਵੇਰੇ 10:00 ਵਜੇ ਸ਼ੁਰੂ ਹੋਵੇਗਾ ਅਤੇ ਇਸ ਮੌਕੇ ਟਰੱਸਟ ਵੱਲੋਂ ਸਿੱਖ ਵਿਰਾਸਤ ਬਾਰੇ ਦੋ ਕਿਤਾਬਾਂ ਰਸਮੀ ਤੌਰ ‘ਤੇ ਜਾਰੀ ਕੀਤੀਆਂ ਜਾਣਗੀਆਂ। ਇਹ ਕਿਤਾਬਾਂ ਸ਼ਰਧਾਲੂਆਂ ਦੇ ਅਧਿਆਤਮਿਕ ਅਤੇ ਇਤਿਹਾਸਕ ਗਿਆਨ ਨੂੰ ਵਧਾਉਣ ਦੇ ਉਦੇਸ਼ ਨਾਲ ਤਿਆਰ ਕੀਤੀਆਂ ਗਈਆਂ ਹਨ।

