ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਇਤਾਲਵੀ ਹਮਰੁਤਬਾ ਜੌਰਜੀਆ ਮੈਲੋਨੀ ਦਰਮਿਆਨ ਹੋਈ ਵਾਰਤਾ ਤੋਂ ਬਾਅਦ ਭਾਰਤ ਤੇ ਇਟਲੀ ਨੇ ਦੁਵੱਲੇ ਸਬੰਧਾਂ ਨੂੰ ਵਿਸ਼ੇਸ਼ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਵਧਾਉਣ ਤੇ ਵਪਾਰ, ਨਿਵੇਸ਼ ਤੇ ਨਵੀਂ ਤਕਨਾਲੋਜੀ ਦੇ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਸਹਿਮਤੀ ਜ਼ਾਹਿਰ ਕੀਤੀ ਹੈ। ਮੈਲੋਨੀ ਨਾਲ ਗੱਲਬਾਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਸਾਂਝੇ ਪ੍ਰੈੱਸ ਬਿਆਨ ’ਚ ਕਿਹਾ, ‘‘ਅਸੀਂ ਭਾਰਤ-ਇਟਲੀ ਰਿਸ਼ਤਿਆਂ ਨੂੰ ਮਜ਼ਬੂਤ ਕਰਨ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ।’’
ਸ੍ਰੀ ਮੋਦੀ ਆਪਣੀ ਪੰਜ ਮੁਲਕਾਂ ਦੀ ਯਾਤਰਾ ਦੇ ਆਖ਼ਰੀ ਪੜਾਅ ਤਹਿਤ ਲੰਘੀ ਰਾਤ ਰੋਮ ਪੁੱਜੇ ਸਨ। ਮੈਲੋਨੀ ਨਾਲ ਗੱਲਬਾਤ ਲਈ ਪੁੱਜਣ ’ਤੇ ਸ੍ਰੀ ਮੋਦੀ ਨੂੰ ਰਸਮੀ ਗਾਰਡ ਆਫ ਆਨਰ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਇਟਲੀ ਦੇ ਰਾਸ਼ਟਰਪਤੀ ਸਰਜੀਓ ਮਟਾਰੇਲਾ ਨਾਲ ਵੀ ਮੁਲਾਕਾਤ ਕੀਤੀ ਅਤੇ ਵਪਾਰ, ਤਕਨਾਲੋਜੀ, ਸਵੱਛ ਊਰਜਾ ਤੇ ਸੱਭਿਆਚਾਰ ਜਿਹੇ ਖੇਤਰਾਂ ’ਚ ਭਾਰਤ-ਇਟਲੀ ਭਾਈਵਾਲੀ ਨੂੰ ਹੋਰ ਵਧਾਉਣ ਬਾਰੇ ਚਰਚਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਯਾਤਰਾ ਦਾ ਮੁੱਖ ਮਕਸਦ ਭਾਰਤ ਅਤੇ ਇਟਲੀ ਦਰਮਿਆਨ ਸਹਿਯੋਗ ਮਜ਼ਬੂਤ ਕਰਨ ਦੇ ਢੰਗਾਂ ਬਾਰੇ ਚਰਚਾ ਕਰਨਾ ਹੋਵੇਗਾ। ਉਨ੍ਹਾਂ ਸੋਸ਼ਲ ਮੀਡੀਆ ਪੋਸਟ ’ਚ ਇਹ ਵੀ ਕਿਹਾ ਕਿ ਦੋਵੇਂ ਧਿਰਾਂ ਵੱਖ ਵੱਖ ਖੇਤਰਾਂ ’ਚ ਸਹਿਯੋਗ ਲਈ ਰੂਪਰੇਖਾ ਅਤੇ ਸਾਂਝੀ ਰਣਨੀਤਕ ਕਾਰਜ ਯੋਜਨਾ 2025-2029 ਦੀ ਸਮੀਖਿਆ ਕਰਨਗੀਆਂ।

