ਆਪਣਾ ਪੰਜਾਬ ਮੀਡੀਆ : ਇੱਕ ਸੰਸਦੀ ਕਮੇਟੀ ਨੇ ਔਨ-ਸਕ੍ਰੀਨ ਮਾਰਕਿੰਗ (ਓ ਐੱਸ ਐੱਮ) ਪ੍ਰਣਾਲੀ ਦੀ ਵਰਤੋਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਤੋਂ ਬਾਅਦ ਦੀ ਪ੍ਰਕਿਰਿਆ ਵਿੱਚ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਸਮੀਖਿਆ ਕਰਨ ਲਈ 2 ਜੂਨ ਨੂੰ ਕੇਂਦਰੀ ਸਿੱਖਿਆ ਮੰਤਰਾਲੇ ਅਤੇ ਸੀ ਬੀ ਐੱਸ ਈ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਰਾਜ ਸਭਾ ਸਕੱਤਰੇਤ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਸਿੱਖਿਆ, ਮਹਿਲਾ, ਬਾਲ, ਨੌਜਵਾਨ ਅਤੇ ਖੇਡਾਂ ਬਾਰੇ ਸੰਸਦੀ ਸਥਾਈ ਕਮੇਟੀ 9ਵੀਂ ਅਤੇ 10ਵੀਂ ਜਮਾਤ ਵਿੱਚ ਤਿੰਨ-ਭਾਸ਼ਾਈ ਫਾਰਮੂਲੇ ਨੂੰ ਲਾਗੂ ਕਰਨ ਬਾਰੇ ਵੀ ਚਰਚਾ ਕਰੇਗੀ।
ਕਾਂਗਰਸੀ ਆਗੂ ਦਿਗਵਿਜੈ ਸਿੰਘ ਦੀ ਅਗਵਾਈ ਵਾਲੀ ਇਸ ਕਮੇਟੀ ਨੇ ਸਕੂਲ ਸਿੱਖਿਆ ਸਕੱਤਰ ਸੰਜੈ ਕੁਮਾਰ ਅਤੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ ਬੀ ਐੱਸ ਈ) ਦੇ ਚੇਅਰਮੈਨ ਰਾਹੁਲ ਸਿੰਘ ਨੂੰ 2 ਜੂਨ ਨੂੰ ਹੋਣ ਵਾਲੀ ਮੀਟਿੰਗ ਲਈ ਸੱਦਿਆ ਹੈ। ਮੀਟਿੰਗ ਦੇ ਏਜੰਡੇ ਵਿੱਚ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ’ਚ ਓ ਐੱਸ ਐੱਮ ਦੀ ਵਰਤੋਂ ਅਤੇ ਇਸ ਦੇ ਨਤੀਜੇ ਵਜੋਂ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਦੀ ਸਮੀਖਿਆ ਸ਼ਾਮਲ ਹੈ।

