ਪੰਜਾਬ ਦੇ ਸਿਆਸੀ ਹਾਲਾਤ, ਸੰਗਠਨ ਮਜ਼ਬੂਤੀ ਅਤੇ 2027 ਚੋਣਾਂ ਦੀ ਰਣਨੀਤੀ ‘ਤੇ ਹੋਈ ਗੱਲਬਾਤ; ਭਾਜਪਾ ਛੱਡਣ ਦੀਆਂ ਅਟਕਲਾਂ ਨੂੰ ਵੀ ਮਿਲਿਆ ਵਿਰਾਮ
ਨਵੀਂ ਦਿੱਲੀ/ਆਪਣਾ ਪੰਜਾਬ ਮੀਡੀਆ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਵੱਖ-ਵੱਖ ਮੁਲਾਕਾਤਾਂ ਕੀਤੀਆਂ। ਇਹ ਮੀਟਿੰਗਾਂ ਉਸ ਸਮੇਂ ਹੋਈਆਂ ਜਦੋਂ ਪੰਜਾਬ ਭਾਜਪਾ ਦੀ ਲੀਡਰਸ਼ਿਪ ਨੂੰ ਲੈ ਕੇ ਕੈਪਟਨ ਦੀ ਨਾਰਾਜ਼ਗੀ ਅਤੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਸਿਆਸੀ ਅਟਕਲਾਂ ਤੇਜ਼ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਉਨ੍ਹਾਂ ਨੇ ਪੰਜਾਬ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਅਮਿਤ ਸ਼ਾਹ ਅਤੇ ਜੇ.ਪੀ. ਨੱਢਾ ਨਾਲ ਵਿਸਥਾਰ ਨਾਲ ਚਰਚਾ ਕੀਤੀ। ਸੂਤਰਾਂ ਅਨੁਸਾਰ, ਮੀਟਿੰਗ ਵਿੱਚ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਦੇ ਵਿਸਥਾਰ, 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ, ਪਾਰਟੀ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਅਤੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਵਿਚਾਰ-ਵਟਾਂਦਰਾ ਹੋਇਆ। ਜਦੋਂ ਉਨ੍ਹਾਂ ਤੋਂ ਸੰਭਾਵੀ ਗੱਠਜੋੜ ਬਾਰੇ ਪੁੱਛਿਆ ਗਿਆ ਤਾਂ ਕੈਪਟਨ ਨੇ ਕਿਹਾ ਕਿ ਇਸ ਬਾਰੇ ਗੱਲ ਕਰਨਾ ਹਾਲੇ ਜਲਦਬਾਜ਼ੀ ਹੋਵੇਗੀ।
ਇਨ੍ਹਾਂ ਮੁਲਾਕਾਤਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਭਵਿੱਖ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਭਾਜਪਾ ਜਾਂ ਕੈਪਟਨ ਵੱਲੋਂ ਕਿਸੇ ਵੱਡੇ ਸਿਆਸੀ ਫ਼ੈਸਲੇ ਦਾ ਐਲਾਨ ਨਹੀਂ ਕੀਤਾ ਗਿਆ, ਪਰ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿੱਚ ਭਾਜਪਾ ਆਪਣੀ ਸੰਗਠਨਾਤਮਕ ਪਕੜ ਮਜ਼ਬੂਤ ਕਰਨ ਲਈ ਸਰਗਰਮ ਹੋ ਚੁੱਕੀ ਹੈ।


