ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼, ਅਮਨ-ਕਾਨੂੰਨ ਬਣਾਈ ਰੱਖਣ ਦੀ ਅਪੀਲ
ਚੰਡੀਗੜ੍ਹ :ਆਪਣਾ ਪੰਜਾਬ ਮੀਡੀਆ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਨੂੰ ਭੰਗ ਕਰਨ ਵਾਲੇ ਤੱਤਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਜਿਹੇ ਮਾਮਲਿਆਂ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਪੰਜਾਬ ਦਾ ਅਮਨ-ਚੈਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਭਗਵੰਤ ਮਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਫਵਾਹਾਂ ਜਾਂ ਭੜਕਾਊ ਸੁਨੇਹਿਆਂ ਤੋਂ ਬਚਣ ਅਤੇ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ। ਉਨ੍ਹਾਂ ਕਿਹਾ ਕਿ ਸਰਕਾਰ ਹਰ ਘਟਨਾ ‘ਤੇ ਨਜ਼ਰ ਰੱਖ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।


