‘ਜਸ਼ਨ-ਏ-ਇਨਕਲਾਬ’ ਸਮਾਗਮ ’ਚ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਦੀ ਵਿਚਾਰਧਾਰਾ ਅਤੇ ਵਿਰਾਸਤ ਨਾਲ ਜੁੜਨ ਦਾ ਦਿੱਤਾ ਸੱਦਾ
ਲੁਧਿਆਣਾ : ਆਪਣਾ ਪੰਜਾਬ ਮੀਡੀਆ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੈਦਾਨ ਵਿੱਚ ਕਰਵਾਏ ‘ਜਸ਼ਨ-ਏ-ਇਨਕਲਾਬ’ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਅਤੇ ਵਿਚਾਰਧਾਰਾ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਅਤੇ ਨੌਜਵਾਨ ਸ਼ਾਮਲ ਹੋਏ।
ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨ ਭਗਤ ਸਿੰਘ ਦੀ ਵਿਰਾਸਤ ਦੀ ਮਸ਼ਾਲ ਨੂੰ ਬੁੱਝਣ ਨਾ ਦੇਣ, ਭਾਵੇਂ ਇਸ ਨੂੰ ਜਗਦਾ ਰੱਖਣ ਲਈ ਆਪਣਾ ਲਹੂ ਹੀ ਕਿਉਂ ਨਾ ਦੇਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸ਼ਹੀਦ ਦੀ ਵਿਚਾਰਧਾਰਾ ਨੂੰ ਸਮਰਪਿਤ ਰਹਿਣ ਦੀ ਕੋਸ਼ਿਸ਼ ਕੀਤੀ ਹੈ ਅਤੇ ਪੰਜਾਬ ਵਿੱਚ ਹੋਰ ਬਦਲਾਅ ਲਿਆਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਮਾਨ ਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਵਿੱਚ ਸੁਧਾਰ ਹੋਇਆ ਹੈ, ਸੂਬੇ ਵਿੱਚ 1,100 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਲੱਖਾਂ ਲੋਕਾਂ ਨੇ ਇਨ੍ਹਾਂ ਰਾਹੀਂ ਮੁਫ਼ਤ ਇਲਾਜ ਦੀਆਂ ਸਹੂਲਤਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਗੇ ਲਿਜਾਣ ਲਈ ਨੌਜਵਾਨਾਂ ਦੀ ਭੂਮਿਕਾ ਅਹਿਮ ਹੈ।


