ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬਾਬਾ ਲੱਖਾ ਸਿੰਘ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਮਹੱਤਵਪੂਰਨ ਕਦਮ ਹੈ।
ਬਾਬਾ ਲੱਖਾ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਨਵਾਂ ਕਾਨੂੰਨ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਹੋ ਸਕਦਾ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਬਾਬਾ ਲੱਖਾ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ।


