ਨਸ਼ਿਆਂ, ਪੰਜਾਬ ਦੇ ਪਾਣੀਆਂ ਅਤੇ ਕੇਂਦਰ ਤੋਂ ਮਿਲਣ ਵਾਲੇ ਫੰਡਾਂ ਨੂੰ ਲੈ ਕੇ ਸਵਾਲ; ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਜਲੰਧਰ ’ਚ ਹੋਵੇਗਾ ਸਮਾਪਤੀ ਸਮਾਗਮ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੱਜ ਜਲੰਧਰ ਫੇਰੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕੇਂਦਰ ਸਰਕਾਰ ਤੋਂ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ’ਤੇ ਸਵਾਲ ਪੁੱਛੇ ਹਨ। ਭਾਜਪਾ ਦੀ 13 ਦਿਨਾਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਜਲੰਧਰ ਵਿੱਚ ਸਮਾਪਤੀ ਸਮਾਗਮ ਹੋਣਾ ਹੈ, ਜਿਸ ਨੂੰ ਅਮਿਤ ਸ਼ਾਹ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਅਜਿਹੇ ਹੋਰਡਿੰਗ ਵੀ ਲਗਾਏ ਗਏ ਹਨ, ਜਿਨ੍ਹਾਂ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਪੰਜਾਬ ਦੇ ਪਾਣੀਆਂ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੇਂਦਰ ਤੋਂ ਜਵਾਬ ਮੰਗੇ ਗਏ ਹਨ। T
‘ਆਪ’ ਵੱਲੋਂ ਮੁੱਖ ਤੌਰ ’ਤੇ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ, ਪੰਜਾਬ ਦੇ ਪਾਣੀਆਂ ਅਤੇ ਕੇਂਦਰ-ਪੰਜਾਬ ਵਿੱਤੀ ਮਸਲਿਆਂ ਨੂੰ ਉਠਾਇਆ ਗਿਆ ਹੈ। ਪਾਰਟੀ ਵੱਲੋਂ ਪਹਿਲਾਂ ਵੀ ਸਵਾਲ ਕੀਤਾ ਗਿਆ ਸੀ ਕਿ ਗੁਜਰਾਤ ਰਾਹੀਂ ਪੰਜਾਬ ਵਿੱਚ ਕਥਿਤ ਨਸ਼ਾ ਤਸਕਰੀ ਨੂੰ ਰੋਕਣ ਲਈ ਕੇਂਦਰ ਵੱਲੋਂ ਕੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ ਨੂੰ ਹਰਿਆਣਾ ਅਤੇ ਰਾਜਸਥਾਨ ਨਾਲ ਜੋੜੇ ਮੁੱਦੇ ’ਤੇ ਵੀ ਕੇਂਦਰ ਤੋਂ ਆਪਣਾ ਰੁਖ ਸਪੱਸ਼ਟ ਕਰਨ ਦੀ ਮੰਗ ਕੀਤੀ ਗਈ ਹੈ।
ਇਸੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਨੂੰ ਲੈ ਕੇ ਨਸ਼ਿਆਂ, ਗੈਂਗਸਟਰਵਾਦ, ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਕਥਿਤ ਤਸਕਰੀ ਵਰਗੇ ਮੁੱਦੇ ਉਠਾਏ ਹਨ। ਦੂਜੇ ਪਾਸੇ ਭਾਜਪਾ ਦਾ ਕਹਿਣਾ ਹੈ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮਕਸਦ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨਾ ਹੈ। ਅੱਜ ਜਲੰਧਰ ਵਿੱਚ ਹੋਣ ਵਾਲੀ ਰੈਲੀ ਦੌਰਾਨ ਇਨ੍ਹਾਂ ਮੁੱਦਿਆਂ ’ਤੇ ਅਮਿਤ ਸ਼ਾਹ ਦੇ ਬਿਆਨ ’ਤੇ ਸਿਆਸੀ ਧਿਰਾਂ ਦੀ ਨਜ਼ਰ ਰਹੇਗੀ।


