ਮੁੱਖ ਮੰਤਰੀ ਨੇ ਹਰ ਕਾਨੂੰਨੀ ਤੇ ਸੰਵਿਧਾਨਕ ਰਾਹ ਅਪਣਾਉਣ ਦਾ ਦਿੱਤਾ ਭਰੋਸਾ, ਹਵਾਰਾ, ਭਿਓਰਾ ਤੇ ਤਾਰਾ ਦੀ ਪੈਰੋਲ ਦਾ ਮਾਮਲਾ ਰਾਜਪਾਲ ਕੋਲ ਉਠਾਉਣਗੇ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਲਟਕ ਰਹੇ ਇਸ ਮਾਮਲੇ ਨੂੰ ਅਣਮਿੱਥੇ ਸਮੇਂ ਤੱਕ ਅਣਸੁਲਝਿਆ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਇਸ ਦੇ ਹੱਲ ਲਈ ਹਰ ਸੰਭਵ ਕਾਨੂੰਨੀ ਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਗੱਲ 12 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਕੌਮੀ ਇਨਸਾਫ਼ ਮੋਰਚੇ, ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਭਰੋਸਾ ਦਿੱਤਾ ਹੈ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਂਦੀ ਹੈ ਤਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖੀ ਜਾਵੇਗੀ। ਹਾਲਾਂਕਿ, ਹਵਾਰਾ ਦੀ ਪੈਰੋਲ ਨੂੰ ਕੇਂਦਰ ਦੀ ਮਨਜ਼ੂਰੀ ਹਾਲੇ ਨਹੀਂ ਮਿਲੀ।
ਭਗਵੰਤ ਮਾਨ ਨੇ ਕਿਹਾ ਕਿ ਉਹ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਦੀ ਪੈਰੋਲ ਦੇ ਮਾਮਲੇ ਵੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਉਠਾਉਣਗੇ। ਉਨ੍ਹਾਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸੰਘਰਸ਼ ਸ਼ਾਂਤਮਈ ਢੰਗ ਨਾਲ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜਾਰੀ ਰੱਖਣ। ਸਰਕਾਰ ਵੱਲੋਂ ਇਸ ਮਾਮਲੇ ’ਤੇ ਅਗਲੀ ਕਾਰਵਾਈ ਕਾਨੂੰਨੀ ਅਤੇ ਸੰਵਿਧਾਨਕ ਪ੍ਰਕਿਰਿਆ ਅਨੁਸਾਰ ਕੀਤੀ ਜਾਵੇਗੀ।


