ਗੁਰਦੁਆਰਾ ਬੰਗਲਾ ਸਾਹਿਬ ਮਾਮਲੇ ਵਿੱਚ ਭਾਜਪਾ ਤੇ ‘ਆਪ’ ਆਹਮੋ-ਸਾਹਮਣੇ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਕੌਮੀ ਰਾਜਧਾਨੀ ਵਿੱਚ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲੀਸ ਦੇ ਮੁਲਾਜ਼ਮਾਂ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਕਥਿਤ ਦਾਖ਼ਲ ਹੋਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮਾਮਲੇ ਸਬੰਧੀ ਭਾਜਪਾ ਅਤੇ ‘ਆਪ’ ਆਹਮੋ-ਸਾਹਮਣੇ ਆ ਗਏ ਹਨ। ਭਾਜਪਾ ਆਗੂ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਅੱਜ ‘ਆਪ’ ’ਤੇ 10 ਅਕਤੂਬਰ ਦੇ ਰੋਸ ਪ੍ਰਦਰਸ਼ਨ ਦੀ ਆੜ ਹੇਠ ਗੁਰਦੁਆਰਾ ਬੰਗਲਾ ਸਾਹਿਬ ਦੀ ਘਟਨਾ ਬਾਰੇ ਕੂੜਪ੍ਰਚਾਰ ਕਰਨ ਅਤੇ ਪੰਜਾਬ ਦੀ ਅਮਨ-ਸਾਂਤੀ ਭੰਗ ਕਰਨ ਦੀ ਸਾਜ਼ਿਸ਼ ਦੇ ਦੋਸ਼ ਲਾਏ ਹਨ। ਸ੍ਰੀ ਫੂਲਕਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਸਿਆਸੀ ਪ੍ਰਦਰਸ਼ਨਾਂ ਦਾ ਕੇਂਦਰ ਬਣਾਉਣ ਦੀ ਕੋਸ਼ਿਸ਼ ਬਹੁਤ ਹੀ ਮੰਦਭਾਗੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਗੁਰਦੁਆਰਾ ਸਾਹਿਬ ਦੀ ਹੱਦ ਵਿੱਚੋਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਦਾ ਝੂਠ ਪ੍ਰਚਾਰਿਆ ਜਾ ਰਿਹਾ ਹੈ, ਜਦੋਂਕਿ ਪੁਲੀਸ ਨੇ ਕਿਸੇ ਨੂੰ ਹਿਰਾਸਤ ਵਿੱਚ ਨਹੀਂ ਲਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੇ ਦਾਅਵੇ ਵਿੱਚ ਸੱਚਾਈ ਹੈ ਤਾਂ ਉਹ ਸਬੂਤ ਦੇਣ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪ੍ਰਦਰਸ਼ਨਕਾਰੀ ਗੁਰਦੁਆਰੇ ਦੇ ਗੇਟ ਅੰਦਰ ਗਏ, ਉਨ੍ਹਾਂ ਉੱਥੇ ਪੋਸਟਰ ਲਹਿਰਾਏ, ਨਾਅਰੇ ਲਾਏ ਅਤੇ ਸਿਆਸੀ ਭਾਸ਼ਣ ਦਿੱਤੇ। ਉਨ੍ਹਾਂ ਨੂੰ ਸੇਵਾਦਾਰਾਂ ਨੇ ਰੋਕਿਆ, ਪਰ ਉਨ੍ਹਾਂ ਪ੍ਰਬੰਧਕਾਂ ਦੀ ਗੱਲ ਨਹੀਂ ਮੰਨੀ। ਫੂਲਕਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਵਿਚੋਂ ਬਹੁਤੇ ਆਮ ਆਦਮ ਪਾਰਟੀ ਦੇ ਸਮਰਥਕ ਸਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਦੇ ਬਾਹਰ ਹੀ ਰਹੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਬਾਹਰੋਂ ਹਿਰਾਸਤ ਵਿੱਚ ਲਿਆ।


