ਪੰਜਾਬ ਦੇ ਡੀਜੀਪੀ ਤੋਂ ਮੰਗੀ ਵਿਸਥਾਰਤ ਰਿਪੋਰਟ, ਪੁਲਿਸ ਕਾਰਵਾਈ ਅਤੇ ਮਾਮਲੇ ਨਾਲ ਜੁੜੇ ਸਾਰੇ ਵੇਰਵੇ ਜਲਦ ਪੇਸ਼ ਕਰਨ ਲਈ ਕਿਹਾ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ ਪੱਤਰ ਭੇਜ ਕੇ ਇਸ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ ਹੁਣ ਤੱਕ ਕੀਤੀ ਗਈ ਕਾਰਵਾਈ ਅਤੇ ਕੇਸ ਨਾਲ ਸਬੰਧਤ ਸਾਰੇ ਵੇਰਵੇ ਜਲਦੀ ਪੇਸ਼ ਕਰਨ ਲਈ ਕਿਹਾ ਹੈ।
ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਅਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਕਾਰਨ ਜਾਣੇ ਜਾਂਦੇ ਸਨ। 13 ਅਕਤੂਬਰ ਨੂੰ ਉਨ੍ਹਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਰੋਸ ਫੈਲ ਗਿਆ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ। ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਨੋਟਿਸ ਲਏ ਜਾਣ ਨਾਲ ਹੁਣ ਪੰਜਾਬ ਪੁਲਿਸ ਦੀ ਜਾਂਚ ਅਤੇ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਤ ਜਾਣਕਾਰੀ ਮੰਗੀ ਗਈ ਹੈ। ਕਮਿਸ਼ਨ ਵੱਲੋਂ ਪੰਜਾਬ ਦੇ ਡੀਜੀਪੀ ਤੋਂ ਰਿਪੋਰਟ ਮਿਲਣ ਮਗਰੋਂ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ। ਉੱਧਰ, ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪੰਜਾਬ ਵਿੱਚ ਰੋਸ ਜਾਰੀ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਤੇ ਇਨਸਾਫ਼ ਦੀ ਮੰਗ ਉੱਠ ਰਹੀ ਹੈ।


