ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ; ਕੋਲੇ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਦਾ ਮਿਲਿਆ ਭਰੋਸਾ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵੀਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਤ ਮੁੱਦਿਆਂ ਅਤੇ ਸੂਬੇ ਦੀਆਂ ਬਿਜਲੀ ਲੋੜਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਕੋਲੇ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇਸ ਸਾਲ ਕੇਂਦਰੀ ਅਨਾਜ ਭੰਡਾਰ ਵਿੱਚ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਯੋਗਦਾਨ ਪਾਏਗਾ, ਜਿਸ ਲਈ ਖੇਤੀਬਾੜੀ ਅਤੇ ਅਨਾਜ ਦੀ ਪ੍ਰੋਸੈਸਿੰਗ ਨਾਲ ਜੁੜੀਆਂ ਗਤੀਵਿਧੀਆਂ ਵਾਸਤੇ ਭਰੋਸੇਯੋਗ ਬਿਜਲੀ ਸਪਲਾਈ ਮਹੱਤਵਪੂਰਨ ਹੈ। ਮਾਨ ਨੇ ਸ਼ਾਹਪੁਰ ਕੰਢੀ ਡੈਮ ਸਬੰਧੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਵਾਰ-ਵਾਰ ਜਾਰੀ ਕੀਤੇ ਜਾ ਰਹੇ ਨੋਟਿਸਾਂ ਦਾ ਮੁੱਦਾ ਵੀ ਕੇਂਦਰੀ ਮੰਤਰੀ ਕੋਲ ਉਠਾਇਆ।
ਮੁੱਖ ਮੰਤਰੀ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਰਣਜੀਤ ਸਾਗਰ ਅਤੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟਾਂ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪਣ-ਬਿਜਲੀ ਉਤਪਾਦਨ ਵਿੱਚ ਪੰਜਾਬ ਦਾ ਯੋਗਦਾਨ ਲਗਭਗ 40 ਫ਼ੀਸਦੀ ਹੈ ਅਤੇ ਇਨ੍ਹਾਂ ਪ੍ਰਾਜੈਕਟਾਂ ਦਾ ਸੁਚਾਰੂ ਸੰਚਾਲਨ ਸੂਬੇ ਦੇ ਨਾਲ-ਨਾਲ ਦੇਸ਼ ਲਈ ਵੀ ਅਹਿਮ ਹੈ। ਕੇਂਦਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਹੁਣ ਸੂਬੇ ਵਿੱਚ ਬਿਜਲੀ ਅਤੇ ਕੋਲੇ ਦੀ ਸਪਲਾਈ ਨੂੰ ਲਗਾਤਾਰ ਬਣਾਈ ਰੱਖਣ ਲਈ ਦੋਵਾਂ ਸਰਕਾਰਾਂ ਦੇ ਤਾਲਮੇਲ ’ਤੇ ਧਿਆਨ ਰਹੇਗਾ।


