ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਅੰਮ੍ਰਿਤਸਰ ਤੇ ਤਰਨ ਤਾਰਨ ਦਾ ਦੌਰਾ; ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ
ਅੰਮ੍ਰਿਤਸਰ, ਆਪਣਾ ਪੰਜਾਬ ਮੀਡੀਆ। ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਪਰਾਲੀ ਦੀ ਸਾਂਭ-ਸੰਭਾਲ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕਮਿਸ਼ਨ ਦੇ ਚੇਅਰਪਰਸਨ ਰਾਜੇਸ਼ ਵਰਮਾ ਦੀ ਅਗਵਾਈ ਹੇਠ ਟੀਮ ਨੇ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਪਰਾਲੀ ਦੇ ਨਿਪਟਾਰੇ ਲਈ ਉਪਲਬਧ ਮਸ਼ੀਨਰੀ, ਬੁਨਿਆਦੀ ਢਾਂਚੇ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਟੀਮ ਨੇ ਦੋਵਾਂ ਜ਼ਿਲ੍ਹਿਆਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਕਮਿਸ਼ਨ ਨੇ ਜ਼ੋਰ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਪਿੰਡਾਂ ਵਿੱਚ ਨਿਯਮਤ ਦੌਰੇ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਦੇ ਵਿਗਿਆਨਕ ਪ੍ਰਬੰਧਨ ਲਈ ਉਤਸ਼ਾਹਿਤ ਕਰਨ।]


