ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਵਾਉਣ ਲਈ ਸਪੀਕਰ ਕੋਲ ਪਹੁੰਚੇਗੀ ਪਾਰਟੀ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਆਮ ਆਦਮੀ ਪਾਰਟੀ ਛੱਡਣ ਵਾਲੇ ਦੋ ਵਿਧਾਇਕਾਂ ਖ਼ਿਲਾਫ਼ ਪਾਰਟੀ ਨੇ ਕਾਰਵਾਈ ਦੀ ਤਿਆਰੀ ਕਰ ਲਈ ਹੈ। ‘ਆਪ’ ਵੱਲੋਂ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲ ਪਟੀਸ਼ਨ ਦਾਇਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਦੋਵਾਂ ਵਿਧਾਇਕਾਂ ਨੇ ਐਤਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਘਟਨਾਕ੍ਰਮ ‘ਆਪ’ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਇਆ। ਦੋਵਾਂ ਵਿਧਾਇਕਾਂ ਦੇ ਹਲਕਿਆਂ ਵਿੱਚ ਪਾਰਟੀ ਵੱਲੋਂ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਮੁੜ ਟਿਕਟ ਨਾ ਮਿਲਣ ਦੇ ਕਿਆਸ ਲਗਾਏ ਜਾ ਰਹੇ ਸਨ। ਦੋਵਾਂ ਆਗੂਆਂ ਨੇ ਪਾਰਟੀ ਲੀਡਰਸ਼ਿਪ ਨਾਲ ਮਤਭੇਦਾਂ ਦਾ ਹਵਾਲਾ ਦਿੰਦਿਆਂ ਅਸਤੀਫ਼ੇ ਦਿੱਤੇ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ।
‘ਆਪ’ ਆਗੂਆਂ ਦਾ ਕਹਿਣਾ ਹੈ ਕਿ ਦੋਵੇਂ ਵਿਧਾਇਕ ਪਹਿਲਾਂ ਹੀ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕੀਤੇ ਗਏ ਸਨ। ਹੁਣ ਪਾਰਟੀ ਦਲ-ਬਦਲੀ ਵਿਰੋਧੀ ਕਾਨੂੰਨ ਤਹਿਤ ਉਨ੍ਹਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦੀ ਮੰਗ ਕਰੇਗੀ। ਹਾਲਾਂਕਿ, ਸਿਰਫ਼ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਨਾਲ ਵਿਧਾਇਕ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਖ਼ਤਮ ਨਹੀਂ ਹੁੰਦੀ। ਇਸ ਬਾਰੇ ਅੰਤਿਮ ਫ਼ੈਸਲਾ ਸਪੀਕਰ ਵੱਲੋਂ ਸੰਵਿਧਾਨਕ ਅਤੇ ਕਾਨੂੰਨੀ ਵਿਵਸਥਾਵਾਂ ਅਨੁਸਾਰ ਕੀਤਾ ਜਾਵੇਗਾ।


