ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਨਾ ਤਾਂ ਯੋਜਨਾਬੱਧ ਹੈ ਅਤੇ ਨਾ ਹੀ ਇਸ ਦਾ ਕੋਈ ਦ੍ਰਿਸ਼ਟੀਕੋਣ ਹੈ। ਇਹ ਪੰਜਾਬੀਆਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਜਾਪਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਦੀਆਂ ਵੋਟਾਂ ਹਾਸਲ ਕਰਨ ਲਈ ਇੱਕ-ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਤਿੰਨ ਸਾਲ ਬਾਅਦ ਵੀ ਪੂਰਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ਾ ਲਗਪਗ ਤਿੰਨ ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜਦਕਿ ਬਜਟ ਸਿਰਫ਼ 2.36 ਲੱਖ ਕਰੋੜ ਰੁਪਏ ਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਅਲਾਟ ਕੀਤੇ ਗਏ ਜ਼ਿਆਦਾਤਰ ਫੰਡ ਮੁੱਖ ਤੌਰ ’ਤੇ ਤਨਖਾਹਾਂ ਵਿੱਚ ਜਾਣਗੇ। ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਿੱਚ ਵੀ ਨਾਕਾਮ ਰਹੀ ਹੈ।