ਹਮਲੇ ਦੀ ਪੂਰੀ ਘਟਨਾ ਸੀਸੀਟੀਵੀ ‘ਚ ਹੋਈ ਕੈਦ
ਪਟਿਆਲਾ : ਆਪਣਾ ਪੰਜਾਬ ਮੀਡੀਆ : ਪਟਿਆਲਾ ਵਿੱਚ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਸਿੰਘ ‘ਤੇ ਹੋਏ ਬੇਰਹਿਮੀ ਭਰੇ ਹਮਲੇ ਦੇ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਮਲੇ ਦੀ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪਰਿਵਾਰ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ। 13-14 ਮਾਰਚ ਦੀ ਰਾਤ ਨੂੰ ਅਧਿਕਾਰੀ ਅਤੇ ਉਸਦੇ ਪੁੱਤਰ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਇੰਸਪੈਕਟਰ ਅਤੇ ਕਾਂਸਟੇਬਲ ਰੈਂਕ ਦੇ ਇਨ੍ਹਾਂ 12 ਪੁਲਿਸ ਮੁਲਾਜ਼ਮਾਂ ਵਿਰੁੱਧ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।
ਰਿਪੋਰਟ ਅਨੁਸਾਰ, ਪਟਿਆਲਾ ਵਿੱਚ ਇਹ ਪੂਰਾ ਵਿਵਾਦ ਪਾਰਕਿੰਗ ਨੂੰ ਲੈ ਕੇ ਹੋਇਆ ਸੀ। ਐਸਐਸਪੀ ਡਾ. ਨਾਨਕ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 13-14 ਮਾਰਚ ਦੀ ਰਾਤ ਨੂੰ ਰਾਜੇਂਦਰ ਹਸਪਤਾਲ ਦੇ ਬਾਹਰ ਇੱਕ ਘਟਨਾ ਵਾਪਰੀ ਸੀ। ਇਸ ਵਿੱਚ ਪੁਲਿਸ ਵਾਲਿਆਂ ਅਤੇ ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ਵਿਚਕਾਰ ਝੜਪ ਹੋ ਗਈ। ਅਸੀਂ ਇਸ ਘਟਨਾ ਤੋਂ ਬਹੁਤ ਦੁਖੀ ਹਾਂ। ਇਹ ਘਟਨਾ ਨਹੀਂ ਹੋਣੀ ਚਾਹੀਦੀ ਸੀ। ਅਜਿਹੀ ਘਟਨਾ ਪਹਿਲਾਂ ਕਦੇ ਨਹੀਂ ਵਾਪਰੀ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ। ਨਾਲ ਹੀ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।