ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਤੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਕਿਸਾਨਾਂ ਦੇ ਮਾਮਲੇ ਵਿੱਚ ਰਾਜਨੀਤੀ ਬੰਦ ਕਰਨ ਤੇ ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕਰਨ। ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਵੱਧ ਸਮੇਂ ਤੋਂ ਭੁੱਖ ਹੜਤਾਲ ’ਤੇ ਹਨ ਜਿਨ੍ਹਾਂ ਦੀ ਹਾਲਤ ਲਗਾਤਾਰ ਨਿਘਰਦੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਸ਼੍ੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਮਾਮਲੇ ਵਿੱਚ ਰਾਜਨੀਤੀ ਨਾ ਕਰਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਦੀ ਢਿੱਲਮੱਠ ਵਾਲੀ ਨੀਤੀ ਕਾਰਨ ਸੂਬੇ ਵਿੱਚ ਹਾਲਾਤ ਵਿਗੜ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਸਿੱਧੇ-ਅਸਿੱਧੇ ਢੰਗ ਨਾਲ ਪਿਛਲੇ ਦਰਵਾਜ਼ੇ ਰਾਹੀਂ ਖੇਤੀ ਨੀਤੀ ਨੂੰ ਲਾਗੂ ਕਰਨ ਨਾਲ ਸਥਿਤੀ ਵਿਗੜ ਸਕਦੀ ਹੈ।