ਸ਼੍ਰੋਮਣੀ ਕਮੇਟੀ ਦੇ ਇਜਲਾਸ ’ਚ ਮਤਾ ਪਾਸ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਨੇਮ ਤੈਅ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਲਦੀ ਹੀ ਉਚ ਪੱਧਰੀ ਕਮੇਟੀ ਵੀ ਬਣਾਈ ਜਾਵੇਗੀ। ਇਸ ਸਬੰਧ ’ਚ ਮਤਾ ਅੱਜ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਪ੍ਰਵਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੀ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਕਾਲ ਤਖ਼ਤ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਸਿੱਖ ਜਥੇਬੰਦੀਆਂ ਤੋਂ ਵੀ ਰਾਇ ਮੰਗੀ ਜਾਵੇਗੀ, ਜਿਸ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਹੋਵੇਗੀ। ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਨਵੰਬਰ 2025 ਵਿੱਚ ਮਨਾਈ ਜਾ ਰਹੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਮਤੇ ’ਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਤੇ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਢੁੱਕਵੀਂ ਯਾਦਗਾਰ ਸਥਾਪਤ ਕਰਨ ਦੀ ਅਪੀਲ ਕੀਤੀ ਗਈ।