ਆਪਣਾ ਪੰਜਾਬ ਮੀਡੀਆ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹੇਮੰਤ ਬਿਸਵਾ ਸਰਮਾ ਨੇ ਅੱਜ ਲਗਾਤਾਰ ਦੂਜੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਗੁਹਾਟੀ ਦੇ ਖਾਨਾਪਾਰਾ ਸਥਿਤ ਵੈਟਰਨਰੀ ਗਰਾਊਂਡ ਵਿੱਚ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਦੇ ਨਾਲ ਹੀ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਐੱਨ.ਡੀ.ਏ. (NDA) ਸਰਕਾਰ ਦੇ ਗਠਨ ਦਾ ਰਾਹ ਪੱਧਰਾ ਹੋ ਗਿਆ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਸਰਬਾਨੰਦ ਸੋਨੋਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਨ੍ਹਾਂ ਤੋਂ ਇਲਾਵਾ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਵੀ ਸਮਾਗਮ ਦੀ ਸ਼ਾਨ ਬਣੇ।ਸਹੁੰ ਚੁੱਕ ਸਮਾਗਮ ਦੌਰਾਨ ਹੇਮੰਤ ਬਿਸਵਾ ਸਰਮਾ ਦੀ ਮਾਤਾ ਮ੍ਰਿਣਾਲਿਨੀ ਦੇਵੀ, ਪਤਨੀ ਰਿੰਕੀ ਭੂਈਆਂ ਸਰਮਾ, ਪੁੱਤਰ ਨੰਦਿਲ ਅਤੇ ਬੇਟੀ ਸੁਕੰਨਿਆ ਸਰਮਾ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਐੱਨ.ਡੀ.ਏ. ਗਠਜੋੜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 126 ਮੈਂਬਰੀ ਵਿਧਾਨ ਸਭਾ ਵਿੱਚੋਂ ਰਿਕਾਰਡ 102 ਸੀਟਾਂ ਜਿੱਤੀਆਂ ਹਨ।

