ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਦਿੱਲੀ ਦਾ ਨਵਾਂ ਮੁੱਖ ਮੰਤਰੀ ਚੁਣਨ ਲਈ ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ ਵਿਧਾਇਕਾਂ ਦੀ ਅੱਜ ਇੱਥੇ ਮੀਟਿੰਗ ਹੋਣ ਦੀ ਸੰਭਾਵਨਾ ਹੈ। ਪਾਰਟੀ ਦੇ ਸੂਤਰਾਂ ਨੇ ਦੱਸਿਆ ਕਿ ਭਾਜਪਾ ਦੀ ਕੌਮੀ ਲੀਡਰਸ਼ਿਪ ਵਿਧਾਇਕ ਦਲ ਦੀ ਮੀਟਿੰਗ ’ਚ ਆਪਣੇ ਅਬਜ਼ਰਵਰ ਭੇਜੇਗੀ ਜਿਸ ਵਿੱਚ ਦਿੱਲੀ ਵਿਧਾਨ ਸਭਾ ’ਚ ਸਦਨ ਦੇ ਨੇਤਾ ਦੀ ਚੋਣ ਕੀਤੀ ਜਾਵੇਗੀ। ਸਦਨ ਦਾ ਨੇਤਾ ਦਿੱਲੀ ਦਾ ਮੁੱਖ ਮੰਤਰੀ ਹੋਵੇਗਾ।
ਸੂਤਰਾਂ ਨੇ ਇਹ ਵੀ ਕਿਹਾ ਕਿ ਦਿੱਲੀ ’ਚ ਨਵੀਂ ਸਰਕਾਰ ਦਾ ਗਠਨ 19-20 ਫਰਵਰੀ ਦੇ ਨੇੜੇ ਮੁੱਖ ਮੰਤਰੀ ਤੇ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਦੇ ਨਾਲ ਹੀ ਹੋਣ ਦੀ ਸੰਭਾਵਨਾ ਹੈ। ਸਿਖਰਲੇ ਅਹੁਦੇ ਲਈ ਸਭ ਤੋਂ ਅੱਗੇ ਮੰਨੇ ਜਾਣ ਵਾਲੇ ਆਗੂਆਂ ਵਿੱਚ ਪ੍ਰਵੇਸ਼ ਵਰਮਾ, ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਵਿਜੇਂਦਰ ਗੁਪਤਾ ਤੇ ਸਤੀਸ਼ ਉਪਾਧਿਆਏ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਭਾਜਪਾ ਪੰਜ ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਲ ਕਰਕੇ 26 ਸਾਲ ਤੋਂ ਵੱਧ ਸਮੇਂ ਮਗਰੋਂ ਦਿੱਲੀ ’ਚ ਸੱਤਾ ਵਿੱਚ ਆਈ ਹੈ।