ਕੇਂਦਰ ਨੇ ਵਿੱਤੀ ਵਰ੍ਹੇ 2025-26 ਲਈ ਪੰਜਾਬ ਦੀ ਕਰਜ਼ਾ ਹੱਦ ਘਟਾਈ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਦੀ ਵਿੱਤੀ ਸਿਹਤ ਕਮਜ਼ੋਰ ਹੋਣ ਦੇ ਮੱਦੇਨਜ਼ਰ ਕਰਜ਼ਾ ਸੀਮਾ ’ਚ ਕਟੌਤੀ ਸੂਬੇ ਨੂੰ ਵਾਰਾ ਨਹੀਂ ਖਾਂਦੀ ਹੈ। ਕੇਂਦਰੀ ਵਿੱਤ ਮੰਤਰਾਲੇ ਵੱਲੋਂ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਨੂੰ ਪੱਤਰ ਜਾਰੀ ਕੀਤਾ ਹੈ, ਜਿਸ ’ਚ ਚਲੰਤ ਮਾਲੀ ਸਾਲ ਦੇ ਪਹਿਲੇ 9 ਮਹੀਨਿਆਂ ਲਈ 21,905 ਕਰੋੜ ਰੁਪਏ ਕਰਜ਼ਾ ਹੱਦ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਕੇਂਦਰੀ ਵਿੱਤ ਮੰਤਰਾਲੇ ਤਰਫ਼ੋਂ ਜੋ ਪੰਜਾਬ ਲਈ ਸਾਲ 2025-26 ਲਈ ਸਮੁੱਚੀ ਕਰਜ਼ਾ ਸੀਮਾ ਦਾ ਖ਼ਾਕਾ ਤਿਆਰ ਕੀਤਾ ਹੈ, ਉਸ ਅਨੁਸਾਰ ਪੰਜਾਬ, ਚਾਲੂ ਵਿੱਤੀ ਸਾਲ ਦੌਰਾਨ 51,176.40 ਕਰੋੜ ਰੁਪਏ ਦਾ ਕਰਜ਼ਾ ਚੁੱਕ ਸਕਦਾ ਹੈ। ਇਸ ਲਿਹਾਜ਼ ਨਾਲ 9 ਮਹੀਨਿਆਂ ਦੀ ਕਰਜ਼ਾ ਹੱਦ 38,382 ਕਰੋੜ ਰੁਪਏ ਬਣਦੀ ਹੈ ਪ੍ਰੰਤੂ ਕੇਂਦਰ ਨੇ ਪ੍ਰਵਾਨਗੀ ਸਿਰਫ਼ 21,905 ਕਰੋੜ ਦੀ ਦਿੱਤੀ ਹੈ। ਮਤਲਬ ਕਿ ਇਨ੍ਹਾਂ 9 ਮਹੀਨਿਆਂ ਲਈ ਕਰਜ਼ਾ ਹੱਦ ਵਿੱਚ 16,477 ਕਰੋੜ ਦੀ ਕਟੌਤੀ ਕਰ ਦਿੱਤੀ ਹੈ।