ਆਪਣਾ ਪੰਜਾਬ ਮੀਡੀਆ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਪੀਸ (Peace) ਖੇਤਰ ਵਿੱਚ ਸਥਿਤ ‘ਟੰਬਲਰ ਰਿਜ ਸੈਕੰਡਰੀ ਸਕੂਲ’ (Tumbler Ridge Secondary School) ਵਿੱਚ ਹਮਲਾਵਰਾਂ ਵਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਇਸ ਫਾਇਰਿੰਗ ਦੌਰਾਨ ਹਮਲਾਵਰ ਸਮੇਤ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ।
ਸੂਤਰਾਂ ਮੁਤਾਬਕ ਰੌਇਲ ਕੈਨੇਡੀਅਨ ਮਾਊਂਟਡ ਪੁਲਸ (RCMP) ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੰਗਲਵਾਰ ਦੁਪਹਿਰ ਨੂੰ ਹੋਈ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਸ ਮੁਤਾਬਕ ਸ਼ੱਕੀ ਹਮਲਾਵਰ ਦੀ ਵੀ ਮੌਤ ਹੋ ਚੁੱਕੀ ਹੈ। ਮੁੱਢਲੀ ਜਾਂਚ ਤੋਂ ਸੰਕੇਤ ਮਿਲੇ ਹਨ ਕਿ ਹਮਲਾਵਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ। ਹਾਲਾਂਕਿ, ਪੁਲਸ ਇਸ ਪਹਿਲੂ ਦੀ ਵੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਸ ਖ਼ੂਨੀ ਖੇਡ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਸੀ।
ਘਟਨਾ ਦੌਰਾਨ ਪੁਲਸ ਨੇ ਇਲਾਕੇ ਨੂੰ ਘੇਰਾ ਪਾ ਲਿਆ ਅਤੇ ਸਕੂਲ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ 25 ਲੋਕਾਂ ਨੂੰ ਤੁਰੰਤ ਸਥਾਨਕ ਮੈਡੀਕਲ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਕੁਝ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

