ਆਪਣਾ ਪੰਜਾਬ ਮੀਡੀਆ : ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਗਰਨੇਡ ਹਮਲੇ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ਭਾਰਤੀ ਜਨਤਾ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਦਾ ਮੁੱਖ ਨਿਸ਼ਾਨਾ ਪਾਰਟੀ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਨ। ਪਾਰਟੀ ਦੇ ਕੌਮੀਂ ਬੁਲਾਰੇ ਆਰ.ਪੀ. ਸਿੰਘ ਨੇ ਖੁਲਾਸਾ ਕੀਤਾ ਕਿ ਮਹਿਜ਼ 15 ਦਿਨ ਪਹਿਲਾਂ ਪਠਾਨਕੋਟ ਦੇ ਐਸ.ਐਸ.ਪੀ. ਨੇ ਅਸ਼ਵਨੀ ਸ਼ਰਮਾ ਨੂੰ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਦੇ ਮੱਦੇਨਜ਼ਰ ਸਵੇਰ ਦੀ ਸੈਰ ਬੰਦ ਕਰਨ ਦੀ ਸਲਾਹ ਦਿੱਤੀ ਸੀ। ਭਾਜਪਾ ਦਾ ਕਹਿਣਾ ਹੈ ਕਿ ਇਹ ਹਮਲਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਵਧਦੇ ਆਧਾਰ ਨੂੰ ਰੋਕਣ ਅਤੇ ਆਗੂਆਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਇੱਕ ਡੂੰਘੀ ਸਾਜ਼ਿਸ਼ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਘਟਨਾ ਨੂੰ ਸੂਬੇ ਦੀ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਥਾਣਿਆਂ ’ਤੇ ਹਮਲੇ ਅਤੇ ਮਹਾਂਪੁਰਖਾਂ ਦੇ ਬੁੱਤਾਂ ਦੀ ਬੇਅਦਬੀ ਵਰਗੀਆਂ ਘਟਨਾਵਾਂ ਇੱਕੋ ਕੜੀ ਦਾ ਹਿੱਸਾ ਹਨ, ਪਰ ਭਾਜਪਾ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਹੈ।

